ਬਠਿੰਡਾ :- ਬਠਿੰਡਾ ਵਿੱਚ ਇੱਕ ਵਪਾਰੀ ਵੱਲੋਂ ਆਤਮਹੱਤਿਆ ਕਰਨ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਨੇ ਮਾਮਲੇ ਨੂੰ ਗੰਭੀਰ ਰੂਪ ਦੇ ਦਿੱਤਾ ਹੈ। ਮ੍ਰਿਤਕ ਨੇ ਆਪਣੀ ਜਾਨ ਦੇਣ ਤੋਂ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਅਤੇ ਨਾਲ ਹੀ ਇੱਕ ਸੁਸਾਈਡ ਨੋਟ ਵੀ ਛੱਡਿਆ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਕੁਝ ਪੁਲਿਸ ਅਧਿਕਾਰੀਆਂ, ਅਦਾਲਤੀ ਕੰਪਲੈਕਸ ਦੇ ਕਰਮਚਾਰੀਆਂ ਅਤੇ ਹੋਰ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ।
ਪੈਸਿਆਂ ਦੇ ਲੈਣ-ਦੇਣ ਕਾਰਨ ਤੰਗ ਪਰੇਸ਼ਾਨ ਹੋਣ ਦਾ ਦਾਅਵਾ
ਮਿਲੀ ਜਾਣਕਾਰੀ ਅਨੁਸਾਰ ਡੀ.ਐਲ. ਐਂਡ ਕੰਪਨੀ ਦੇ ਮਾਲਕ ਸੋਨੂ ਬਾਂਸਲ ਨੇ ਕਥਿਤ ਤੌਰ ‘ਤੇ ਲੰਮੇ ਸਮੇਂ ਤੋਂ ਹੋ ਰਹੀ ਤੰਗ-ਪਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਪਰਿਵਾਰ ਵੱਲੋਂ ਇਨਸਾਫ ਦੀ ਮੰਗ
ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਦੇ ਨਾਮ ਸੁਸਾਈਡ ਨੋਟ ਵਿੱਚ ਆਏ ਹਨ, ਉਨ੍ਹਾਂ ਖ਼ਿਲਾਫ਼ ਤੁਰੰਤ ਅਤੇ ਕੜੀ ਕਾਰਵਾਈ ਕੀਤੀ ਜਾਵੇ।
ਪੁਲਿਸ ਵੱਲੋਂ ਜਾਂਚ ਸ਼ੁਰੂ
ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਿਟੀ-2 ਅਰੁਣ ਮੁੰਡਨ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਅੱਗੇ ਵਧਾਈ ਜਾ ਰਹੀ ਹੈ।

