ਅੰਮ੍ਰਿਤਸਰ :- ਅੰਮ੍ਰਿਤਸਰ ਤੋਂ ਇਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 18 ਸਾਲ ਦੀ ਪ੍ਰਵਾਸੀ ਕੁੜੀ ਗੀਤਾ ਨੇ ਇਕ ਕੋਠੀ ਵਿੱਚ ਕੰਮ ਦੌਰਾਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕੁੜੀ ਪਿਛਲੇ ਦੋ ਸਾਲਾਂ ਤੋਂ ਉਸ ਕੋਠੀ ਵਿੱਚ ਘਰੇਲੂ ਨੌਕਰਾਣੀ ਵਜੋਂ ਕੰਮ ਕਰ ਰਹੀ ਸੀ।
ਪਰਿਵਾਰ ਨੇ ਕੋਠੀ ਮਾਲਕਾ ਉੱਤੇ ਲਗਾਏ ਗੰਭੀਰ ਦੋਸ਼
ਜਦੋਂ ਇਹ ਖ਼ਬਰ ਪਰਿਵਾਰ ਤੱਕ ਪਹੁੰਚੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਗੀਤਾ ਦੇ ਹੱਥ ਪੈਰਾਂ ‘ਤੇ ਸੜਨ ਦੇ ਨਿਸ਼ਾਨ ਸਨ, ਜਿਸ ਕਰਕੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸਨੂੰ ਕਰੰਟ ਦੇ ਕੇ ਮਾਰਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਕੋਠੀ ਮਾਲਕਾ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ।
ਪੁਲਿਸ ਵੱਲੋਂ ਜਾਂਚ ਸ਼ੁਰੂ
ਇਸ ਸਬੰਧ ਵਿੱਚ ਐਸ.ਐਚ.ਓ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਚੁੱਕੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।