ਕੇਸਗੜ੍ਹ ਸਾਹਿਬ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣਗੇ। ਇਹ ਦੌਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਸ਼ੁਕਰਾਨੇ ਵਜੋਂ ਕੀਤਾ ਜਾ ਰਿਹਾ ਹੈ।
ਗੁਰੂ ਘਰ ‘ਚ ਅਰਦਾਸ ਮਗਰੋਂ ਲੋਕਾਂ ਨੂੰ ਸੰਬੋਧਨ
ਮੁੱਖ ਮੰਤਰੀ ਪਹਿਲਾਂ ਗੁਰੂ ਘਰ ਵਿਖੇ ਅਰਦਾਸ ਕਰਕੇ ਸ਼ੁਕਰਾਨਾ ਅਦਾ ਕਰਨਗੇ, ਇਸ ਤੋਂ ਬਾਅਦ ਉਹ ਰਵਿਦਾਸ ਚੌਂਕ ‘ਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਨਗੇ। ਇਸ ਮੌਕੇ ‘ਤੇ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਲਾਂ ਅਤੇ ਕਾਨੂੰਨ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।
‘ਸ਼ੁਕਰਾਨਾ ਯਾਤਰਾ’ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ
ਇਸ ਸਮਾਗਮ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ, ਜੋ ਸੂਬੇ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚੇਗੀ। ਯਾਤਰਾ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਗੁਰੂ ਸਾਹਿਬ ਦੇ ਅਸ਼ੀਰਵਾਦ ਲਈ ਧੰਨਵਾਦ ਪ੍ਰਗਟ ਕਰਨਾ ਹੈ।
ਮੰਤਰੀ ਵੱਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਰੀ ਦੀ ਅਪੀਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਸ਼ੁਕਰਾਨਾ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਭਾਗੀਦਾਰੀ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮੌਕਾ ਸਿਰਫ਼ ਸਰਕਾਰੀ ਨਹੀਂ, ਸਗੋਂ ਧਾਰਮਿਕ ਅਤੇ ਆਤਮਿਕ ਮਹੱਤਤਾ ਵਾਲਾ ਹੈ, ਜਿਸ ਵਿੱਚ ਸੰਗਤਾਂ ਦੀ ਹਾਜ਼ਰੀ ਅਤਿ ਜ਼ਰੂਰੀ ਹੈ।

