ਲੁਧਿਆਣਾ :- ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਸੰਜੀਵ ਅਰੋੜਾ ਦੀ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਸੜਕਾਂ ’ਤੇ ਉਤਰ ਆਈ। ਪਾਰਟੀ ਵੱਲੋਂ ਅੱਜ ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਸਾੜਨ ਦੀ ਤਿਆਰੀ
ਪਾਰਟੀ ਆਗੂਆਂ ਅਨੁਸਾਰ ਪ੍ਰਦਰਸ਼ਨ ਦੌਰਾਨ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ‘ਆਪ’ ਵਰਕਰਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।
ਈਡੀ ਦੀ ਕਾਰਵਾਈ ਨੂੰ ਦੱਸਿਆ ਬਦਲਾਖੋਰੀ
ਜਤਿੰਦਰ ਖੰਗੂੜਾ ਨੇ ਕਿਹਾ ਕਿ ਸੰਜੀਵ ਅਰੋੜਾ ਖ਼ਿਲਾਫ਼ ਹੋਈ ਕਾਰਵਾਈ ਰਾਜਨੀਤਿਕ ਦਬਾਅ ਦਾ ਨਤੀਜਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਲੋਕਤੰਤਰਕ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਕਾਨੂੰਨੀ ਕਾਰਵਾਈ ਘੱਟ ਅਤੇ ਰਾਜਨੀਤਿਕ ਬਦਲਾਖੋਰੀ ਵੱਧ ਲੱਗਦੀ ਹੈ।
‘ਆਪ’ ਨੇ ਦਿੱਤੀ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ
ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੋਂ ਕੇਂਦਰ ਸਰਕਾਰ ਘਬਰਾਈ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੰਤਰੀਆਂ ਅਤੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਵਿਕਾਸ ਕਾਰਜਾਂ ਦੀ ਰਫ਼ਤਾਰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ‘ਆਪ’ ਨੇ ਸਪੱਸ਼ਟ ਕੀਤਾ ਕਿ ਜੇਕਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹੀਆਂ ਤਾਂ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ।

