ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁੱਖ ਬਦਲ ਲਿਆ। ਕਈ ਇਲਾਕਿਆਂ ਵਿੱਚ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਹਿਸੂਸ ਹੋਈ। ਆਸਮਾਨ ‘ਚ ਬੱਦਲ ਛਾਏ ਰਹੇ, ਜਦਕਿ ਕੁਝ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਨੇ ਮੌਸਮ ਸੁਹਾਵਣਾ ਕਰ ਦਿੱਤਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ, ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ।
ਕਈ ਜ਼ਿਲ੍ਹਿਆਂ ਲਈ ਸੰਤਰੀ ਚੇਤਾਵਨੀ ਜਾਰੀ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਅਨੁਮਾਨ ਮੁਤਾਬਕ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਵਾਵਾਂ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਦੱਖਣ-ਪੱਛਮੀ ਪੰਜਾਬ ਵੀ ਰਹੇਗਾ ਪ੍ਰਭਾਵਿਤ
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਬਠਿੰਡਾ ਅਤੇ ਸੰਗਰੂਰ ਵਰਗੇ ਇਲਾਕਿਆਂ ਵਿੱਚ ਵੀ ਮੌਸਮ ਦਾ ਅਸਰ ਵੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਪੱਛਮੀ ਗੜਬੜੀ ਕਾਰਨ ਬਣੇ ਬਦਲੇ ਹਾਲਾਤ
ਮੌਸਮ ਮਾਹਿਰਾਂ ਮੁਤਾਬਕ ਉੱਤਰੀ ਭਾਰਤ ‘ਚ ਸਰਗਰਮ ਹੋਈ ਨਵੀਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਮੌਸਮ ਵਿੱਚ ਇਹ ਤਬਦੀਲੀ ਆਈ ਹੈ। ਇਸ ਦੇ ਪ੍ਰਭਾਵ ਹੇਠ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਛਿੱਟੇ ਪੈਣ ਦੀਆਂ ਘਟਨਾਵਾਂ ਵਧੀਆਂ ਹਨ। ਮੌਸਮ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਅਨੁਸਾਰ 14 ਮਈ ਤੱਕ ਇਹ ਸਿਲਸਿਲਾ ਜਾਰੀ ਰਹਿ ਸਕਦਾ ਹੈ।
ਗਰਮੀ ਤੋਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਅਤੇ ਲੂ ਕਾਰਨ ਲੋਕ ਪਰੇਸ਼ਾਨ ਸਨ, ਪਰ ਮੌਸਮ ਦੇ ਇਸ ਬਦਲਾਅ ਨਾਲ ਤਾਪਮਾਨ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਮੌਸਮ ਕੁਝ ਹੱਦ ਤੱਕ ਸੁਹਾਵਣਾ ਰਹਿ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

