ਚੰਬਾ :- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਦਿਲ ਦਹਲਾ ਦੇਣ ਵਾਲਾ ਸੜਕ ਹਾਦਸਾ ਸਾਹਮਣੇ ਆਇਆ ਹੈ। ਚੰਬਾ-ਨੂਰਪੁਰ ਨੈਸ਼ਨਲ ਹਾਈਵੇਅ ‘ਤੇ ਕਕੀਰਾ ਨੇੜਲੇ ਘਾਰ ਇਲਾਕੇ ਵਿੱਚ ਇਕ ਤੇਜ਼ ਰਫ਼ਤਾਰ ਕਾਰ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।
ਜਾਣਕਾਰੀ ਮੁਤਾਬਕ ਹਾਦਸਾਗ੍ਰਸਤ ਗੱਡੀ ਵਿੱਚ ਕੁੱਲ 10 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਗੁਜਰਾਤ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਹਾਦਸੇ ਵੇਲੇ ਇਲਾਕੇ ਵਿੱਚ ਭਾਰੀ ਮੀਂਹ ਪੈ ਰਿਹਾ ਸੀ, ਜਿਸ ਕਾਰਨ ਸੜਕ ਕਾਫ਼ੀ ਫਿਸਲਣ ਵਾਲੀ ਹੋ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਗੱਡੀ ਦਾ ਸੰਤੁਲਨ ਬਿਗੜਣ ਕਾਰਨ ਇਹ ਸਿੱਧੀ ਖਾਈ ਵਿੱਚ ਜਾ ਡਿੱਗੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਕਾਰਜ ਦੌਰਾਨ ਜ਼ਖ਼ਮੀਆਂ ਨੂੰ ਖਾਈ ਵਿਚੋਂ ਬਾਹਰ ਕੱਢ ਕੇ ਨੇੜਲੇ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

