ਚੰਡੀਗੜ੍ਹ :- ਪੰਜਾਬ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰਦਿਆਂ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ-2026 ਵਿੱਚ ਦੇਸ਼ ਦਾ ਸਰਵੋਤਮ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਰਿਪੋਰਟ ਮੁਤਾਬਕ ਪੰਜਾਬ ਨੇ ਕਈ ਸਾਲਾਂ ਤੋਂ ਸਿੱਖਿਆ ਖੇਤਰ ਵਿੱਚ ਅੱਗੇ ਰਹਿੰਦੇ ਕੇਰਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਸੂਬਾ ਸਰਕਾਰ ਨੇ ਇਸ ਉਪਲਬਧੀ ਨੂੰ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਸੁਧਾਰਾਂ ਅਤੇ ਨਵੀਆਂ ਸਿੱਖਿਆ ਨੀਤੀਆਂ ਦਾ ਨਤੀਜਾ ਦੱਸਿਆ ਹੈ।
ਮੁੱਖ ਮੰਤਰੀ ਮਾਨ ਨੇ ਗਿਣਵਾਈਆਂ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਪੱਧਰ ਦੀ ਸਿੱਖਿਆ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਵਰਗੇ ਰਾਜਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਮਾਨ ਨੇ ਕਿਹਾ ਕਿ ਇਹ ਸਿਰਫ਼ ਦਾਅਵੇ ਨਹੀਂ, ਸਗੋਂ ਅੰਕੜੇ ਖੁਦ ਇਸ ਗੱਲ ਦੀ ਗਵਾਹੀ ਦੇ ਰਹੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ।
ਸਰਕਾਰੀ ਸਕੂਲ ਬਣੇ ਨਵੀਂ ਤਬਦੀਲੀ ਦੀ ਮਿਸਾਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਹੁਣ ਪੂਰੇ ਦੇਸ਼ ਲਈ ਇੱਕ ਮਾਡਲ ਵਜੋਂ ਉਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ ਲੈ ਕੇ ਡਿਜ਼ਿਟਲ ਸਹੂਲਤਾਂ ਤੱਕ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ। ਪੰਜਾਬ ਦੇ 80 ਫ਼ੀਸਦੀ ਤੋਂ ਵੱਧ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਸਥਾਪਿਤ ਹੋ ਚੁੱਕੇ ਹਨ, ਜਦਕਿ ਬਿਜਲੀ ਅਤੇ ਕੰਪਿਊਟਰ ਸਹੂਲਤਾਂ ਵੀ ਲਗਭਗ ਹਰ ਸਕੂਲ ਤੱਕ ਪਹੁੰਚ ਚੁੱਕੀਆਂ ਹਨ।
ਭਾਸ਼ਾ ਤੇ ਗਣਿਤ ‘ਚ ਵੀ ਪੰਜਾਬ ਦੇ ਵਿਦਿਆਰਥੀ ਅੱਗੇ
ਸਰਕਾਰ ਦੇ ਅਨੁਸਾਰ ਪੰਜਾਬ ਦੇ ਵਿਦਿਆਰਥੀਆਂ ਨੇ ਭਾਸ਼ਾ ਅਤੇ ਗਣਿਤ ਵਰਗੇ ਵਿਸ਼ਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਬੱਚੇ ਹੁਣ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਰਹੇ ਹਨ ਅਤੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਅਸਰ ਹੁਣ ਦੇਸ਼ ਪੱਧਰ ‘ਤੇ ਵੀ ਨਜ਼ਰ ਆ ਰਿਹਾ ਹੈ।

