ਚੰਡੀਗੜ੍ਹ :- ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ ਹੋਣ ਵਾਲੀ NEET-UG ਪ੍ਰੀਖਿਆ ਸਬੰਧੀ ਵੱਡਾ ਫੈਸਲਾ ਸਾਹਮਣੇ ਆਇਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET-UG 2026 ਦੀ ਮੁੜ ਪ੍ਰੀਖਿਆ ਲਈ ਨਵੀਂ ਮਿਤੀ ਦਾ ਐਲਾਨ ਕਰ ਦਿੱਤਾ ਹੈ। ਹੁਣ ਇਹ ਪ੍ਰੀਖਿਆ 21 ਜੂਨ 2026 ਨੂੰ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ 3 ਮਈ ਨੂੰ ਹੋਈ ਪ੍ਰੀਖਿਆ ਨੂੰ ਪੇਪਰ ਲੀਕ ਦੇ ਦੋਸ਼ਾਂ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਲਿਆ ਗਿਆ ਫੈਸਲਾ
NTA ਵੱਲੋਂ ਜਾਰੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ। ਏਜੰਸੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ਜਾਂ ਗੈਰ-ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਨਾ ਕਰਨ ਅਤੇ ਸਿਰਫ਼ NTA ਦੇ ਅਧਿਕਾਰਤ ਐਲਾਨਾਂ ਨੂੰ ਹੀ ਮੰਨਣ।
ਏਜੰਸੀ ਨੇ ਵਿਦਿਆਰਥੀਆਂ ਲਈ ਸੰਪਰਕ ਸਹੂਲਤ ਵੀ ਜਾਰੀ ਕੀਤੀ ਹੈ। ਕਿਸੇ ਵੀ ਜਾਣਕਾਰੀ ਲਈ ਉਮੀਦਵਾਰ ਈਮੇਲ ਜਾਂ ਹੈਲਪਲਾਈਨ ਨੰਬਰਾਂ ਰਾਹੀਂ ਸੰਪਰਕ ਕਰ ਸਕਦੇ ਹਨ।
ਪ੍ਰੀਖਿਆ ਦੀਆਂ ਤਿਆਰੀਆਂ ਲਈ ਹੋਈ ਉੱਚ ਪੱਧਰੀ ਮੀਟਿੰਗ
ਦੁਬਾਰਾ ਪ੍ਰੀਖਿਆ ਨੂੰ ਲੈ ਕੇ ਤਿਆਰੀਆਂ ਦੀ ਸਮੀਖਿਆ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਿਵਾਸ ਸਥਾਨ ‘ਤੇ ਇੱਕ ਉੱਚ ਪੱਧਰੀ ਮੀਟਿੰਗ ਵੀ ਹੋਈ। ਮੀਟਿੰਗ ਵਿੱਚ ਪ੍ਰੀਖਿਆ ਦੇ ਪ੍ਰਬੰਧ, ਸੁਰੱਖਿਆ ਅਤੇ ਪਾਰਦਰਸ਼ਤਾ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਕਈ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਰਹੇ ਮੌਜੂਦ
ਇਸ ਮੀਟਿੰਗ ਵਿੱਚ ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ, ਸਕੂਲ ਸਿੱਖਿਆ ਸਕੱਤਰ ਸੰਜੇ ਕੁਮਾਰ, NTA ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ, CBSE ਚੇਅਰਪਰਸਨ, ਕੇਂਦਰੀ ਵਿਦਿਆਲਿਆ ਸੰਗਠਨ ਅਤੇ ਨਵੋਦਿਆ ਵਿਦਿਆਲਿਆ ਸਮਿਤੀ ਦੇ ਅਧਿਕਾਰੀਆਂ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਪੇਪਰ ਲੀਕ ਮਾਮਲੇ ਦੀ ਸੀਬੀਆਈ ਕਰ ਰਹੀ ਜਾਂਚ
3 ਮਈ ਨੂੰ ਹੋਈ NEET-UG ਪ੍ਰੀਖਿਆ ਨੂੰ ਲੈ ਕੇ ਪੇਪਰ ਲੀਕ ਅਤੇ ਹੋਰ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਕਾਫ਼ੀ ਚਰਚਾ ਵਿੱਚ ਰਿਹਾ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਜਾਂਚ ਏਜੰਸੀ ਇਸ ਸਮੇਂ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

