ਚੰਡੀਗੜ੍ਹ :- ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਮੁੜ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਹਿਲਾਂ ਦਿੱਤੇ ਗਏ ਸੱਤ ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਮਗਰੋਂ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੋਰ ਦੋ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ।
ਕਈ ਥਾਵਾਂ ’ਤੇ ਛਾਪੇਮਾਰੀ ਮਗਰੋਂ ਹੋਈ ਸੀ ਗ੍ਰਿਫ਼ਤਾਰੀ
ਈਡੀ ਵੱਲੋਂ ਇਸ ਮਾਮਲੇ ਦੀ ਜਾਂਚ ਦੌਰਾਨ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਸਮੇਤ ਦਿੱਲੀ ਅਤੇ ਗੁਰੂਗ੍ਰਾਮ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ। ਜਾਂਚ ਟੀਮ ਨੇ ਲੰਬੀ ਪੁੱਛਗਿੱਛ ਮਗਰੋਂ ਸੰਜੀਵ ਅਰੋੜਾ ਨੂੰ ਹਿਰਾਸਤ ਵਿੱਚ ਲਿਆ ਸੀ। ਜਾਂਚ ਏਜੰਸੀ ਹੁਣ ਮਾਮਲੇ ਨਾਲ ਜੁੜੇ ਵਿੱਤੀ ਲੈਣ-ਦੇਣ ਦੀਆਂ ਹੋਰ ਕੜੀਆਂ ਖੰਗਾਲ ਰਹੀ ਹੈ।
ਆਮ ਆਦਮੀ ਪਾਰਟੀ ਨੇ ਦਿੱਤੀ ਸਿਆਸੀ ਪ੍ਰਤੀਕਿਰਿਆ
ਜਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੇ ਸਿਆਸੀ ਨਿਸ਼ਾਨਾ ਵੀ ਸਾਧਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਦਸੀ, ਓਹਨਾਂ ਕਿਹਾ ਕਿ ਕੇਂਦਰੀ ਏਜੰਸੀਆਂ ਦੀ ਦੁਰਵਰਤੋ ‘ਆਪ’ ਆਗੂਆਂ ਖ਼ਿਲਾਫ਼ ਦਬਾਅ ਬਣਾਉਣ ਲਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਈਡੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸਬੂਤਾਂ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ।

