ਪੂਰੇ ਦੇਸ਼ ਵਿਚ ਮੌਨਸੂਨ ਦੀ (Monsoon Rain) ਬਾਰਿਸ਼ ਜਾਰੀ ਹੈ। ਅਗਸਤ ਦੀ ਸ਼ੁਰੂਆਤ ਤੋਂ ਹੀ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹਿਮਾਚਲ ਵਿਚ ਹੋਈ ਬਾਰਿਸ਼ ਪੰਜਾਬ ਲਈ ਆਫਤ ਬਣ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ ਦੇ ਉੱਤਰੀ ਹਿੱਸੇ ਅਤੇ ਪੂਰੇ ਖੇਤਰ ਵਿੱਚ ਭਾਰੀ ਬਾਰਿਸ਼ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 48 ਘੰਟਿਆਂ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਵਿੱਚ ਬਿਆਸ ਦਰਿਆ ਉਤੇ ਬਣੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਪਿਛਲੇ 24 ਘੰਟਿਆਂ ਵਿੱਚ ਤਿੰਨ ਫੁੱਟ ਵਧ ਗਿਆ ਹੈ। ਐਤਵਾਰ ਸ਼ਾਮ 4 ਵਜੇ, ਡੈਮ ਵਿੱਚ ਪਾਣੀ ਦਾ ਪੱਧਰ 1,366.04 ਫੁੱਟ ਤੱਕ ਪਹੁੰਚ ਗਿਆ। ਇਹ ਸ਼ਨੀਵਾਰ ਨੂੰ ਇਹ 1,363.05 ਫੁੱਟ ਸੀ। ਪਾਣੀ 1,365 ਫੁੱਟ ਤੱਕ ਪਹੁੰਚਣ ਤੋਂ ਬਾਅਦ ਡੈਮ ਪ੍ਰਬੰਧਨ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਕਰ ਸਕਦਾ ਹੈ। ਇੱਥੇ ਪਾਣੀ ਦਾ ਪ੍ਰਵਾਹ 59,646 ਕਿਊਸਿਕ ਸੀ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪਾਣੀ ਦਾ ਪੱਧਰ ਵਧਦਾ ਹੈ, ਤਾਂ ਫਲੱਡ ਗੇਟ ਕਿਸੇ ਵੀ ਸਮੇਂ ਖੋਲ੍ਹੇ ਜਾ ਸਕਦੇ ਹਨ। ਸ਼ੁੱਕਰਵਾਰ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਬਿਆਸ ਦਰਿਆ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਸੁਚੇਤ ਕਰਨ ਅਤੇ ਜ਼ਰੂਰੀ ਪ੍ਰਬੰਧ ਕਰਨ ਲਈ ਚੇਤਾਵਨੀ ਜਾਰੀ ਕੀਤੀ ਸੀ।
ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਅਲਰਟ ਉਤੇ ਹੈ। ਨੰਗਲ ਦੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਇੱਕ ਦਿਨ ਵਿੱਚ 2.64 ਫੁੱਟ ਵਧ ਗਿਆ। ਇੱਥੇ ਹੜ੍ਹ ਕੰਟਰੋਲ ਗੇਟਾਂ ਦਾ ਪੱਧਰ 1,645 ਫੁੱਟ ਹੈ। ਪਠਾਨਕੋਟ ਦੇ ਰਣਜੀਤ ਸਾਗਰ ਡੈਮ (RSD) ਵਿੱਚ ਪਾਣੀ ਦਾ ਪੱਧਰ 24 ਘੰਟਿਆਂ ਵਿੱਚ 513.62 ਫੁੱਟ ਤੋਂ ਵੱਧ ਕੇ 514.91 ਫੁੱਟ ਹੋ ਗਿਆ।
ਅਗਸਤ ਦੀ ਸ਼ੁਰੂਆਤ ਤੋਂ ਹੀ ਦਿੱਲੀ-ਐਨਸੀਆਰ ਵਿੱਚ ਬਾਰਿਸ਼ ਜਾਰੀ ਹੈ। ਐਤਵਾਰ ਨੂੰ ਦਿੱਲੀ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ, ਪਰ ਸ਼ਹਿਰ ਵਿੱਚ ਭਾਰੀ ਪਾਣੀ ਵੀ ਭਰ ਗਿਆ। ਇਸ ਦੇ ਨਾਲ ਹੀ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਈ। ਮੌਸਮ ਵਿਭਾਗ (Punjab today weather) ਨੇ ਅਗਲੇ 3 ਤੋਂ 4 ਦਿਨਾਂ ਲਈ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਤਰਾਈ ਅਤੇ ਦੱਖਣ ਪੱਛਮੀ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਭਾਰੀ ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।