ਚੰਡੀਗੜ੍ਹ :- ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਜਾਂਚ ਦੇ ਸਿਲਸਿਲੇ ਵਿੱਚ ਗ੍ਰਿਫ਼ਤਾਰ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਅਦਾਲਤ ਨੇ 1 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੋਮਵਾਰ ਨੂੰ ਈਡੀ ਵੱਲੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਤੋਂ ਬਾਅਦ ਕੋਰਟ ਨੇ ਇਹ ਹੁਕਮ ਜਾਰੀ ਕੀਤੇ। ਸੁਣਵਾਈ ਦੌਰਾਨ ਸੰਜੀਵ ਅਰੋੜਾ ਅਦਾਲਤ ਵਿੱਚ ਕਾਫ਼ੀ ਸ਼ਾਂਤ ਨਜ਼ਰ ਆਏ। ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੇਲੇ ਉਹ ਭਾਵੁਕ ਵੀ ਹੋਏ। ਅਦਾਲਤ ਕੰਪਲੈਕਸ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦੀ ਵੀ ਹਾਜ਼ਰੀ ਦੇਖਣ ਨੂੰ ਮਿਲੀ।
ਈਡੀ ਵੱਲੋਂ ਅਦਾਲਤ ਵਿੱਚ ਕੀਤਾ ਗਿਆ ਪੇਸ਼
ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਸੰਜੀਵ ਅਰੋੜਾ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਗੁਰੂਗ੍ਰਾਮ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਅਦਾਲਤ ਨੇ ਮਾਮਲੇ ਨਾਲ ਸਬੰਧਿਤ ਦਸਤਾਵੇਜ਼ਾਂ ਅਤੇ ਜਾਂਚ ਦੀ ਸਥਿਤੀ ਦਾ ਜਾਇਜ਼ਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ।
ਪਹਿਲਾਂ ਮਿਲ ਚੁੱਕਾ ਸੀ ਰਿਮਾਂਡ
ਈਡੀ ਨੇ ਸੰਜੀਵ ਅਰੋੜਾ ਨੂੰ 9 ਮਈ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਏਜੰਸੀ ਨੇ ਅਦਾਲਤ ਤੋਂ ਪਹਿਲਾਂ ਸੱਤ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ, ਜਿਸ ਵਿੱਚ ਬਾਅਦ ਵਿੱਚ ਦੋ ਦਿਨਾਂ ਦਾ ਹੋਰ ਵਾਧਾ ਕੀਤਾ ਗਿਆ। ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਵਿੱਚ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ
ਸੁਣਵਾਈ ਦੌਰਾਨ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰ ਵੀ ਅਦਾਲਤ ਵਿੱਚ ਮੌਜੂਦ ਰਹੇ। ਕਾਰਵਾਈ ਤੋਂ ਬਾਅਦ ਉਨ੍ਹਾਂ ਦੀ ਪਰਿਵਾਰ ਨਾਲ ਮੁਲਾਕਾਤ ਵੀ ਹੋਈ। ਇਸ ਦੌਰਾਨ ਅਦਾਲਤੀ ਕਾਰਵਾਈ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ।
ਸੰਜੀਵ ਅਰੋੜਾ ਦੇ ਹਮਾਇਤੀਆਂ ਅਤੇ ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਸਮਾਜਿਕ ਅਤੇ ਜਨਹਿਤ ਕਾਰਜਾਂ ਨਾਲ ਜੁੜੇ ਰਹੇ ਹਨ। ਉਦਯੋਗ ਅਤੇ ਰੋਜ਼ਗਾਰ ਨਾਲ ਸੰਬੰਧਿਤ ਮਸਲਿਆਂ ਨੂੰ ਲੈ ਕੇ ਵੀ ਉਹ ਕਈ ਵਾਰ ਆਪਣੀ ਸਰਗਰਮ ਭੂਮਿਕਾ ਨਿਭਾ ਚੁੱਕੇ ਹਨ। ਸਮਰਥਕਾਂ ਦਾ ਇਹ ਵੀ ਕਹਿਣਾ ਸੀ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਸੱਚ ਸਾਹਮਣੇ ਆਉਣ ਦੀ ਉਮੀਦ ਜਤਾ ਰਹੇ ਹਨ।

