ਤਮਿਲਨਾਡੂ :- ਤਾਮਿਲਨਾਡੂ ਵਿੱਚ ਮੁੱਖ ਮੰਤਰੀ ਵਿਜੇ ਦੀ ਅਗਵਾਈ ਹੇਠ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਕਦਮ ਚੁੱਕਦਿਆਂ ਨਵੀਂ ਪ੍ਰੋਤਸਾਹਨ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਲਿਆਂਦੀ ਗਈ ਇਸ ਯੋਜਨਾ ਤਹਿਤ ਹੁਣ ਰਿਸ਼ਵਤਖੋਰੀ ਦੀ ਸ਼ਿਕਾਇਤ ਕਰਨ ਵਾਲੇ ਲੋਕਾਂ ਨੂੰ ਵੱਡਾ ਨਕਦ ਇਨਾਮ ਦਿੱਤਾ ਜਾਵੇਗਾ।
1000 ਰੁਪਏ ਦੀ ਰਿਸ਼ਵਤ ‘ਤੇ ਵੀ ਹੋਵੇਗੀ ਸਖ਼ਤ ਕਾਰਵਾਈ
ਸਰਕਾਰ ਵੱਲੋਂ ਜਾਰੀ ਨੀਤੀ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ, ਭਾਵੇਂ ਰਕਮ 1000 ਰੁਪਏ ਹੀ ਕਿਉਂ ਨਾ ਹੋਵੇ, ਤਾਂ ਆਮ ਨਾਗਰਿਕ ਉਸ ਦੀ ਸਬੂਤਾਂ ਸਮੇਤ ਸ਼ਿਕਾਇਤ ਕਰ ਸਕਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਸ਼ਿਕਾਇਤ ਕਰਨ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਇਨਾਮ
ਨਵੀਂ ਯੋਜਨਾ ਤਹਿਤ ਜੇਕਰ ਸ਼ਿਕਾਇਤ ਸਹੀ ਸਾਬਤ ਹੁੰਦੀ ਹੈ ਅਤੇ ਰਿਸ਼ਵਤਖੋਰੀ ਦੇ ਪੱਕੇ ਸਬੂਤ ਮਿਲਦੇ ਹਨ ਤਾਂ ਸ਼ਿਕਾਇਤਕਰਤਾ ਨੂੰ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਲੋਕ ਬਿਨਾਂ ਡਰ ਦੇ ਅੱਗੇ ਆ ਕੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਆਵਾਜ਼ ਉਠਾਉਣਗੇ।
24 ਘੰਟੇ ਚੱਲੇਗੀ ਖ਼ਾਸ ਹੈਲਪਲਾਈਨ
ਲੋਕਾਂ ਲਈ ਸ਼ਿਕਾਇਤ ਪ੍ਰਕਿਰਿਆ ਨੂੰ ਆਸਾਨ ਬਣਾਉਣ ਵਾਸਤੇ ਸਰਕਾਰ ਨੇ 1800 425 1555 ਟੋਲ-ਫ੍ਰੀ ਨੰਬਰ ਵੀ ਜਾਰੀ ਕੀਤਾ ਹੈ। ਇਹ ਹੈਲਪਲਾਈਨ 24 ਘੰਟੇ ਕੰਮ ਕਰੇਗੀ, ਜਿਸ ਰਾਹੀਂ ਕੋਈ ਵੀ ਵਿਅਕਤੀ ਰਿਸ਼ਵਤਖੋਰੀ ਜਾਂ ਭ੍ਰਿਸ਼ਟਾਚਾਰ ਨਾਲ ਜੁੜੀ ਜਾਣਕਾਰੀ ਸਾਂਝੀ ਕਰ ਸਕੇਗਾ।
ਨਸ਼ਾ ਤਸਕਰੀ ਖ਼ਿਲਾਫ਼ ਵੀ ਸਖ਼ਤ ਰਵੱਈਆ
ਮੁੱਖ ਮੰਤਰੀ ਵਿਜੇ ਦੀ ਸਰਕਾਰ ਸਿਰਫ਼ ਭ੍ਰਿਸ਼ਟਾਚਾਰ ਖ਼ਿਲਾਫ਼ ਹੀ ਨਹੀਂ, ਸਗੋਂ ਰਾਜ ਵਿੱਚ ਵਧ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਵੀ ਕੜੇ ਕਦਮ ਚੁੱਕ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਹਰ ਪੱਧਰ ‘ਤੇ ਨਿਗਰਾਨੀ ਵਧਾਈ ਜਾ ਰਹੀ ਹੈ।
ਦੇਸ਼ ਭਰ ‘ਚ ਚਰਚਾ ਦਾ ਵਿਸ਼ਾ ਬਣਿਆ ਫੈਸਲਾ
ਤਾਮਿਲਨਾਡੂ ਸਰਕਾਰ ਦਾ ਇਹ ਫੈਸਲਾ ਹੁਣ ਦੇਸ਼ ਭਰ ਵਿੱਚ ਚਰਚਾ ਦਾ ਕੇਂਦਰ ਬਣ ਗਿਆ ਹੈ। ਕਈ ਲੋਕ ਇਸਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਮੁਹਿੰਮ ਵਜੋਂ ਦੇਖ ਰਹੇ ਹਨ, ਜਦਕਿ ਵੱਖ-ਵੱਖ ਰਾਜਾਂ ਵਿੱਚ ਵੀ ਅਜਿਹੀਆਂ ਯੋਜਨਾਵਾਂ ਦੀ ਮੰਗ ਉੱਠਣ ਲੱਗੀ ਹੈ।

