ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਨੇ ਲੋਕਾਂ ਦਾ ਜੀਵਨ ਬੇਹਾਲ ਕਰ ਦਿੱਤਾ ਹੈ। ਸਵੇਰ ਤੋਂ ਹੀ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਰਿਹਾ ਹੈ। ਸੂਬੇ ਦੇ ਬਹੁਤੇ ਇਲਾਕਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ, ਜਦਕਿ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਵਧਣ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
ਚੰਡੀਗੜ੍ਹ ਮੌਸਮ ਕੇਂਦਰ ਨੇ ਪੰਜਾਬ ਅਤੇ ਚੰਡੀਗੜ੍ਹ ਲਈ 26 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਅਨੁਸਾਰ ਪੱਛਮੀ ਅਤੇ ਦੱਖਣ-ਪੱਛਮੀ ਦਿਸ਼ਾ ਤੋਂ ਆ ਰਹੀਆਂ ਗਰਮ ਤੇ ਸੁੱਕੀਆਂ ਹਵਾਵਾਂ ਇਸ ਗਰਮੀ ਦਾ ਮੁੱਖ ਕਾਰਨ ਹਨ। ਰਾਜਸਥਾਨ ਅਤੇ ਪਾਕਿਸਤਾਨ ਦੇ ਮਾਰੂਥਲ ਖੇਤਰਾਂ ਤੋਂ ਚੱਲਣ ਵਾਲੀਆਂ ਇਹ ਲੂ ਵਰਗੀਆਂ ਹਵਾਵਾਂ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਸਭ ਤੋਂ ਵੱਧ ਅਸਰ ਦਿਖਾ ਰਹੀਆਂ ਹਨ।
47 ਡਿਗਰੀ ਤੱਕ ਪਹੁੰਚ ਸਕਦਾ ਹੈ ਪਾਰਾ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਚੰਡੀਗੜ੍ਹ ਅਤੇ ਟ੍ਰਾਈਸਿਟੀ ਖੇਤਰ ਵਿੱਚ ਵੀ ਪਾਰਾ 42 ਤੋਂ 45 ਡਿਗਰੀ ਦਰਮਿਆਨ ਰਹਿਣ ਦੀ ਸੰਭਾਵਨਾ ਹੈ। ਦਿਨ ਦੇ ਨਾਲ-ਨਾਲ ਰਾਤਾਂ ਵੀ ਗਰਮ ਰਹਿਣਗੀਆਂ ਅਤੇ ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਦੇ ਵਿਚਕਾਰ ਬਣਿਆ ਰਹਿ ਸਕਦਾ ਹੈ।
ਮੀਂਹ ਦੀ ਸੰਭਾਵਨਾ ਘੱਟ, ਖੁਸ਼ਕ ਰਹੇਗਾ ਮੌਸਮ
ਹਾਲਾਂਕਿ 22 ਤੋਂ 28 ਮਈ ਦਰਮਿਆਨ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੇ ਸੰਕੇਤ ਦਿੱਤੇ ਗਏ ਹਨ, ਪਰ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਸੁੱਕਾ ਹੀ ਰਹੇਗਾ। ਦੁਪਹਿਰ ਸਮੇਂ ਤੇਜ਼ ਗਰਮ ਹਵਾਵਾਂ ਚੱਲਣ ਕਾਰਨ ਹੀਟਵੇਵ ਦੀ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਲੋਕਾਂ ਨੂੰ ਚੌਵੀ ਘੰਟੇ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮਾਲਵਾ ਅਤੇ ਸਰਹੱਦੀ ਜ਼ਿਲ੍ਹਿਆਂ ‘ਚ ਵੱਧ ਅਸਰ
ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਗਰਮੀ ਵਿੱਚ ਹੋਰ ਵਾਧਾ ਦਰਜ ਕੀਤਾ ਜਾਵੇਗਾ। ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਇਸ ਤੋਂ ਇਲਾਵਾ ਤਰਨਤਾਰਨ ਅਤੇ ਅੰਮ੍ਰਿਤਸਰ ਖੇਤਰ ਵੀ ਭਿਆਨਕ ਗਰਮੀ ਦੀ ਲਪੇਟ ਵਿੱਚ ਰਹਿਣਗੇ।
ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬੀਮਾਰ ਲੋਕਾਂ ਨੂੰ ਗਰਮੀ ਤੋਂ ਬਚ ਕੇ ਰਹਿਣ ਲਈ ਕਿਹਾ ਗਿਆ ਹੈ।

