ਚੰਡੀਗੜ੍ਹ :- ਪੰਜਾਬ ਵਿੱਚ ਲਗਾਤਾਰ ਵੱਧ ਰਹੀ ਤਿੱਖੀ ਗਰਮੀ ਅਤੇ ਲੂ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ 25 ਮਈ ਤੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਦੁਪਹਿਰ ਦੀ ਅਸਹਿਣਸ਼ੀਲ ਗਰਮੀ ਤੋਂ ਬਚਾਇਆ ਜਾ ਸਕੇ।
ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ ਸਕੂਲ ਤੇ ਦਫ਼ਤਰ
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਸਾਰੀਆਂ ਕਲਾਸਾਂ ਸਵੇਰੇ 7:30 ਵਜੇ ਸ਼ੁਰੂ ਹੋਣਗੀਆਂ ਅਤੇ ਦੁਪਹਿਰ 1:30 ਵਜੇ ਤੱਕ ਚੱਲਣਗੀਆਂ। ਇਹ ਨਵਾਂ ਸਮਾਂ ਆਉਣ ਵਾਲੇ ਦਿਨਾਂ ਦੀ ਭਿਆਨਕ ਗਰਮੀ ਨੂੰ ਵੇਖਦੇ ਹੋਏ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਬੱਚਿਆਂ ਅਤੇ ਮੁਲਾਜ਼ਮਾਂ ਦੀ ਸਿਹਤ ਨੂੰ ਦਿੱਤੀ ਤਰਜੀਹ
ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਖਾਸ ਤੌਰ ‘ਤੇ ਸਕੂਲੀ ਬੱਚਿਆਂ, ਅਧਿਆਪਕਾਂ ਅਤੇ ਦਫ਼ਤਰੀ ਮੁਲਾਜ਼ਮਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਦੁਪਹਿਰ ਦੇ ਸਮੇਂ ਤਾਪਮਾਨ ਵਿੱਚ ਹੋ ਰਹੇ ਵਾਧੇ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਗਰਮੀ ਦੀ ਸਥਿਤੀ ‘ਤੇ ਸਰਕਾਰ ਰੱਖੇਗੀ ਲਗਾਤਾਰ ਨਜ਼ਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਮੌਸਮ ਦੀ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਗਰਮੀ ਦਾ ਪ੍ਰਕੋਪ ਹੋਰ ਵਧਦਾ ਹੈ ਤਾਂ ਹਾਲਾਤਾਂ ਮੁਤਾਬਕ ਹੋਰ ਲੋੜੀਂਦੇ ਫ਼ੈਸਲੇ ਵੀ ਕੀਤੇ ਜਾ ਸਕਦੇ ਹਨ।

