ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, “ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ। ਉਨ੍ਹਾਂ ਕਿਹਾ, “ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ।”
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ, “ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ‘ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਅੰਕੜਿਆਂ ਅਨੁਸਾਰ ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ‘ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।”

