ਚੰਡੀਗੜ੍ਹ :- ਪੰਜਾਬ ਵਿੱਚ ਅੱਜ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਵੋਟਰਾਂ ਦੀ ਚਲਹ-ਪਹਿਲ ਦੇਖਣ ਨੂੰ ਮਿਲੀ। ਤਿੱਖੀ ਗਰਮੀ ਅਤੇ ਲੂ ਦੇ ਅਲਰਟ ਦੇ ਬਾਵਜੂਦ ਲੋਕ ਵੱਡੀ ਗਿਣਤੀ ਵਿੱਚ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ ਅਤੇ ਲੋਕਤੰਤਰਕ ਪ੍ਰਕਿਰਿਆ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।
ਵੱਡੇ ਸਿਆਸੀ ਆਗੂਆਂ ਨੇ ਵੀ ਭੁਗਤਾਈ ਵੋਟ
ਚੋਣਾਂ ਦੌਰਾਨ ਕਈ ਪ੍ਰਮੁੱਖ ਰਾਜਨੀਤਿਕ ਚਿਹਰੇ ਵੀ ਆਪਣੇ ਪਰਿਵਾਰਾਂ ਸਮੇਤ ਵੋਟ ਪਾਉਣ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚੇ। ਪਠਾਨਕੋਟ ਵਿੱਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਬਟਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਬਰਨਾਲਾ ਵਿੱਚ ਸੰਸਦ ਮੈਂਬਰ ਮੀਤ ਹੇਅਰ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਰਾਜਾ ਵੜਿੰਗ ਨੇ ਅਨੋਖੇ ਅੰਦਾਜ਼ ‘ਚ ਕੀਤਾ ਵਿਰੋਧ
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਡੇ ‘ਤੇ ਸਵਾਰ ਹੋ ਕੇ ਵੋਟ ਪਾਉਣ ਲਈ ਪਹੁੰਚੇ। ਉਨ੍ਹਾਂ ਦਾ ਇਹ ਅੰਦਾਜ਼ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ। ਵੜਿੰਗ ਨੇ ਕਿਹਾ ਕਿ ਇਹ ਕਦਮ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਤੀਕਾਤਮਕ ਵਿਰੋਧ ਵਜੋਂ ਚੁੱਕਿਆ ਗਿਆ ਹੈ।
ਤੇਲ ਦੀਆਂ ਕੀਮਤਾਂ ‘ਤੇ ਕੇਂਦਰ ਸਰਕਾਰ ਨੂੰ ਘੇਰਿਆ
ਮੀਡੀਆ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਤਾਂ ਇਸ ਦਾ ਲਾਭ ਆਮ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਕੁਝ ਸਮੇਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਲੋਕਾਂ ‘ਤੇ ਵਧੂ ਆਰਥਿਕ ਬੋਝ ਪਾਇਆ ਜਾ ਰਿਹਾ ਹੈ।
ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਕੀਤੀ ਰਾਹਤ ਦੀ ਮੰਗ
ਰਾਜਾ ਵੜਿੰਗ ਨੇ ਕਿਹਾ ਕਿ ਮਹਿੰਗਾਈ ਕਾਰਨ ਆਮ ਆਦਮੀ ਪਹਿਲਾਂ ਹੀ ਕਾਫ਼ੀ ਪਰੇਸ਼ਾਨ ਹੈ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਨਾਲ ਆਵਾਜਾਈ ਤੋਂ ਲੈ ਕੇ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਤੱਕ ਹਰ ਚੀਜ਼ ਮਹਿੰਗੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਵਧੀਆਂ ਕੀਮਤਾਂ ਵਾਪਸ ਲਏ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।

