ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਤਪਦੀ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਬਣ ਗਏ ਹਨ। ਮੌਸਮ ਵਿਭਾਗ ਨੇ ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਮੌਸਮ ਲਗਾਤਾਰ ਬਦਲਿਆ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।
60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਹਵਾਵਾਂ
ਮੌਸਮ ਮਾਹਿਰਾਂ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਤਾਪਮਾਨ ਵਿੱਚ ਆ ਸਕਦੀ ਹੈ ਵੱਡੀ ਗਿਰਾਵਟ
ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਸੀ, ਪਰ ਮੀਂਹ ਸ਼ੁਰੂ ਹੋਣ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਕਮੀ ਆ ਸਕਦੀ ਹੈ। ਸਵੇਰੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਚੰਡੀਗੜ੍ਹ ਵਿੱਚ ਦਿਨ ਦੀ ਸ਼ੁਰੂਆਤ ਧੁੱਪ ਨਾਲ ਹੋਈ।

