ਨਗਰ ਚੋਣ ਨਤੀਜੇ, ਲੋਕਾਂ ਦੇ ਭਰੋਸੇ ਦੀ ਮੋਹਰ ਕਰਾਰ
ਚੰਡੀਗੜ੍ਹ :- ਪੰਜਾਬ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਹੈ। ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਨਤੀਜੇ ਸੂਬੇ ਦੀ ਜਨਤਾ ਵੱਲੋਂ ਸਰਕਾਰ ਦੇ ਕੰਮਕਾਜ ’ਤੇ ਲਗਾਈ ਗਈ ਮਜ਼ਬੂਤ ਮੋਹਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਰਵਾਇਤੀ ਸਿਆਸਤ ਨਹੀਂ, ਸਗੋਂ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
ਲੋਕਾਂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ
ਹਰਪਾਲ ਚੀਮਾ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਵਿਰੋਧੀ ਧਿਰਾਂ ਦੇ ਸਾਰੇ ਦਾਵਿਆਂ ਅਤੇ ਅਟਕਲਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੇ ਫ਼ੈਸਲਿਆਂ ’ਤੇ ਭਰੋਸਾ ਜਤਾਇਆ ਹੈ। ਚੀਮਾ ਨੇ ਕਿਹਾ ਕਿ ਇਹ ਜਿੱਤ ਸਿਰਫ਼ ਸਥਾਨਕ ਚੋਣਾਂ ਦੀ ਜਿੱਤ ਨਹੀਂ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਇੱਕ ਵੱਡਾ ਸਿਆਸੀ ਸੰਕੇਤ ਹੈ।
ਵਿਕਾਸ ਦੇ ਮੁੱਦੇ ’ਤੇ ਮਿਲਿਆ ਸਮਰਥਨ
ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ ’ਤੇ ਕੀਤੇ ਕੰਮਾਂ ਨੂੰ ਲੋਕਾਂ ਨੇ ਖੁੱਲ੍ਹ ਕੇ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਇਸੇ ਤਰ੍ਹਾਂ ਕੰਮ ਕਰਦੀ ਰਹੇਗੀ।

