ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ 1 ਜੁਲਾਈ 2026 ਤੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਵਿੱਚ ਸਹਾਇਤਾ ਦੇਣਾ ਹੈ।
ਯੋਜਨਾ ਦੀ ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਹਰ ਯੋਗ ਮਹਿਲਾ ਨੂੰ ਹਰ ਮਹੀਨੇ ₹1,000 ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜਦਕਿ ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
97 ਫੀਸਦੀ ਮਹਿਲਾਵਾਂ ਨੂੰ ਮਿਲਣ ਦੀ ਉਮੀਦ ਹੈ ਲਾਭ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਮਹਿਲਾਵਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਫਾਇਦਾ ਮਿਲਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ ₹9,300 ਕਰੋੜ ਦਾ ਪ੍ਰਬੰਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਦੇਣ ਤੱਕ ਸੀਮਿਤ ਨਹੀਂ ਹੈ, ਸਗੋਂ ਮਹਿਲਾਵਾਂ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਫ਼ੈਸਲੇ ਲੈਣ ਦੀ ਸਮਰੱਥਾ ਪ੍ਰਦਾਨ ਕਰਨ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।
ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਜਾਰੀ
ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਮਹਿਲਾਵਾਂ ਦਾ ਨਾਮ ਦਰਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲਗਭਗ ਦੋ ਲੱਖ ਮਹਿਲਾ ਸਤਿਕਾਰ ਸਖੀਆਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਰਕਾਰ ਅਨੁਸਾਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਡਿਪਟੀ ਕਮਿਸ਼ਨਰਾਂ ਵੱਲੋਂ ਨਿਰਧਾਰਤ ਹੋਰ ਕੇਂਦਰਾਂ ਰਾਹੀਂ ਕੀਤੀ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਵੱਲ ਇੱਕ ਵੱਡਾ ਕਦਮ ਸਾਬਤ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਲੱਖਾਂ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਮਿਲੇਗੀ ਅਤੇ ਉਹ ਸਮਾਜਿਕ ਤੇ ਆਰਥਿਕ ਗਤੀਵਿਧੀਆਂ ਵਿੱਚ ਹੋਰ ਸਰਗਰਮ ਭੂਮਿਕਾ ਨਿਭਾ ਸਕਣਗੀਆਂ।
ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਹ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੀ ਜੀਵਨ ਗੁਣਵੱਤਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਹੋਰ ਮਜ਼ਬੂਤ ਕਰੇਗੀ।

