ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਸੱਤ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਸਾਫ਼ ਕੀਤਾ ਕਿ ਮਾਮਲਾ ਗੰਭੀਰ ਅਤੇ ਸੰਵੇਦਨਸ਼ੀਲ ਹੈ, ਇਸ ਕਰਕੇ ਗਵਾਹਾਂ ਦੀ ਗਵਾਹੀ ਪੂਰੀ ਹੋਣ ਤੱਕ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਕਿਹੜੇ ਨੇ ਇਹ ਸੱਤ ਮੁਲਜ਼ਮ?
ਪ੍ਰਭਦੀਪ ਸਿੰਘ ਉਰਫ਼ ਪੱਬੀ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਉਰਫ਼ ਭਾਊ, ਨਸੀਬ ਦੀਨ, ਰਾਜਿੰਦਰ ਉਰਫ਼ ਜੋਕਰ, ਪਵਨ ਕੁਮਾਰ ਬਿਸ਼ਨੋਈ ਅਤੇ ਸਰਾਜ ਨੇ ਵੱਖ-ਵੱਖ ਆਧਾਰਾਂ ‘ਤੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀਆਂ ਦਾਇਰ ਕੀਤੀਆਂ ਸਨ। ਇਨ੍ਹਾਂ ਉੱਤੇ ਪੰਜਾਬ ਪੁਲਸ ਨੇ ਕਤਲ, ਸਾਜ਼ਿਸ਼ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੋਇਆ ਹੈ।
ਮੁਲਜ਼ਮਾਂ ਦੇ ਵਕੀਲਾਂ ਦੀ ਦਲੀਲ
ਉਨ੍ਹਾਂ ਨੇ ਅਦਾਲਤ ਵਿੱਚ ਕਿਹਾ ਕਿ ਸਾਰੇ ਮੁਲਜ਼ਮ ਲਗਭਗ ਦੋ ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਮੁਕੱਦਮੇ ਦੀ ਕਾਰਵਾਈ ਬਹੁਤ ਹੌਲੀ ਚੱਲ ਰਹੀ ਹੈ। ਇਸੇ ਕਰਕੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ।
ਸਰਕਾਰ ਵੱਲੋਂ ਅਦਾਲਤ ਵਿੱਚ ਕਿਹਾ ਗਿਆ ਕਿ ਮਾਮਲੇ ਵਿੱਚ ਕੁੱਲ 180 ਗਵਾਹ ਹਨ, ਜਿਨ੍ਹਾਂ ਵਿੱਚੋਂ ਤਿੰਨ ਚਸ਼ਮਦੀਦ ਹਨ। ਹੁਣ ਤੱਕ ਕੇਵਲ ਇੱਕ ਗਵਾਹ ਦੀ ਗਵਾਹੀ ਹੋਈ ਹੈ। ਜੇ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਤਾਂ ਇਹ ਗਵਾਹਾਂ ਦੀ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ।
ਅਦਾਲਤ ਦੀ ਟਿੱਪਣੀ
ਨਿਆਂਪਾਲਿਕਾ ਨੇ ਕਿਹਾ ਕਿ ਅਪਰਾਧ ਦੀ ਗੰਭੀਰਤਾ, ਚਸ਼ਮਦੀਦਾਂ ਦੀ ਸੁਰੱਖਿਆ ਅਤੇ ਨਿਰਪੱਖਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਹਾਲਾਤ ਅਜੇ ਜ਼ਮਾਨਤ ਦੇ ਅਨੁਕੂਲ ਨਹੀਂ ਹਨ। ਇਸ ਕਰਕੇ ਸਾਰੇ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਜਾਂਦਾ ਹੈ।