ਚੰਡੀਗੜ੍ਹ :- ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੌਸਮ ਕਰਵਟ ਲੈ ਸਕਦਾ ਹੈ। ਮੌਸਮ ਮਾਹਿਰਾਂ ਅਨੁਸਾਰ ਸੋਮਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਜ਼ਿਆਦਾਤਰ ਖੇਤਰਾਂ ਲਈ ਕਿਸੇ ਵੱਡੇ ਮੌਸਮੀ ਖਤਰੇ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਚੇਤਾਵਨੀ
ਮੌਸਮ ਵਿਭਾਗ ਨੇ ਦੱਖਣੀ ਅਤੇ ਦੱਖਣ-ਪੱਛਮੀ ਪੰਜਾਬ ਦੇ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਇਲਾਕਿਆਂ ਨੂੰ ਨਿਗਰਾਨੀ ਸ਼੍ਰੇਣੀ ਅਧੀਨ ਰੱਖਿਆ ਗਿਆ ਹੈ।
ਪਟਿਆਲਾ ਰਿਹਾ ਸਭ ਤੋਂ ਗਰਮ ਸ਼ਹਿਰ
ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨਾਂ ਦੇ ਮੁਕਾਬਲੇ 5.4 ਡਿਗਰੀ ਸੈਲਸੀਅਸ ਵਧਿਆ, ਹਾਲਾਂਕਿ ਇਹ ਅਜੇ ਵੀ ਆਮ ਪੱਧਰ ਨਾਲੋਂ ਹੇਠਾਂ ਰਿਹਾ। ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
15 ਜੂਨ: ਮੀਂਹ ਅਤੇ ਤੇਜ਼ ਹਵਾਵਾਂ ਦੇ ਆਸਾਰ
ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਬਰਨਾਲਾ ਵਿੱਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
16 ਜੂਨ: ਬੱਦਲਵਾਈ ਰਹਿ ਸਕਦੀ ਹੈ
ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ। ਕਿਸੇ ਖਾਸ ਜ਼ਿਲ੍ਹੇ ਲਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ, ਪਰ ਕੁਝ ਥਾਵਾਂ ’ਤੇ ਬੱਦਲ ਛਾਏ ਰਹਿ ਸਕਦੇ ਹਨ।
17 ਜੂਨ: ਖੁਸ਼ਕ ਮੌਸਮ ਦੇ ਸੰਕੇਤ
ਪੰਜਾਬ ਦੇ ਵੱਡੇ ਹਿੱਸੇ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਦੇਖਿਆ ਜਾ ਸਕਦਾ ਹੈ।
18 ਜੂਨ: ਗਰਮੀ ਮੁੜ ਵਧਣ ਦੇ ਆਸਾਰ
ਮੌਸਮ ਸਾਫ਼ ਰਹਿਣ ਅਤੇ ਵਰਖਾ ਦੀ ਸੰਭਾਵਨਾ ਨਾ ਮਾਤਰ ਹੋਣ ਕਾਰਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਮਾਹਿਰਾਂ ਅਨੁਸਾਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦਾ ਅਸਰ ਮੁੜ ਤੇਜ਼ ਹੋ ਸਕਦਾ ਹੈ।

