ਫਤਹਿਗੜ੍ਹ ਸਾਹਿਬ :- ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 19 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਅਤੇ ਭੈਣ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨੇ ਜਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਜਾ ਰਹੇ ਸਨ।
ਪਿੱਛੋਂ ਆਈ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਜਾਣਕਾਰੀ ਅਨੁਸਾਰ ਸੰਗਰੂਰ ਦੇ ਰਹਿਣ ਵਾਲੇ ਕ੍ਰਿਸ਼ਨ ਸਿੰਘ ਆਪਣੀ ਮਾਤਾ ਜਸਵੀਰ ਕੌਰ ਅਤੇ ਭੈਣ ਰਮਨਦੀਪ ਕੌਰ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਵਾਪਸੀ ਕਰ ਰਹੇ ਸਨ। ਜਦੋਂ ਉਹ ਪਿੰਡ ਜੱਲਾ ਨੇੜੇ ਪਹੁੰਚੇ, ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਮੌਕੇ ‘ਤੇ ਨੌਜਵਾਨ ਦੀ ਮੌਤ, ਦੋਵੇਂ ਜ਼ਖ਼ਮੀ ਹਸਪਤਾਲ ਰੈਫਰ
ਹਾਦਸੇ ਵਿੱਚ ਕ੍ਰਿਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੰਭੀਰ ਰੂਪ ਵਿੱਚ ਜ਼ਖ਼ਮੀ ਮਾਂ ਅਤੇ ਭੈਣ ਨੂੰ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਭੈਣ ਦੀ ਹਾਲਤ ਨਾਜ਼ੁਕ, ਪੀਜੀਆਈ ਰੈਫਰ
ਜ਼ਖ਼ਮੀਆਂ ਵਿੱਚ ਰਮਨਦੀਪ ਕੌਰ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਅੱਗੇ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਕਾਰ ਚਾਲਕ ਫਰਾਰ, ਪੁਲਿਸ ਵੱਲੋਂ ਜਾਂਚ ਸ਼ੁਰੂ
ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਰਹਿੰਦ ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

