ਫਰੀਦਕੋਟ: ਪੰਜਾਬ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਸਮਝੌਤਾ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਧਰਮ ਦੀ ਸਿਆਸੀ ਵਰਤੋਂ ਕੀਤੀ ਅਤੇ ਆਪਣੇ ਸ਼ਾਸਨ ਦੌਰਾਨ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਵਿੱਚ ਨਾਕਾਮ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੁਧਾਰਾਂ ਰਾਹੀਂ ਸੂਬੇ ਦੀ ਤਸਵੀਰ ਬਦਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 67,500 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਖਜ਼ਾਨੇ ਦਾ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਮਹਿਲਾਵਾਂ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਵੀ ਸਰਕਾਰ ਦੀਆਂ ਮਹੱਤਵਪੂਰਨ ਪਹਿਲਕਦਮੀਆਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਸਬੰਧੀ ਸੁਨੇਹੇ ਭੇਜੇ ਜਾਣਗੇ, ਜਿਸ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਨੂੰ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਸਾਬਤ ਹੋਵੇਗਾ।

