ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਾਂ ਨਾਲ ਸੰਬੰਧਿਤ ਮੌਜੂਦਾ ਕਾਨੂੰਨੀ ਢਾਂਚੇ ਵਿੱਚ ਤਬਦੀਲੀ ਕਰਨ ਦੀ ਤਜਵੀਜ਼ ’ਤੇ ਗੰਭੀਰ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਦਾਰਿਆਂ ਨਾਲ ਜੁੜੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਪੰਥਕ ਸੰਸਥਾਵਾਂ ਅਤੇ ਸਿੱਖ ਨੁਮਾਇੰਦਿਆਂ ਨਾਲ ਸਲਾਹ ਕਰਨਾ ਲਾਜ਼ਮੀ ਹੈ।
ਪੰਜ ਤਖ਼ਤਾਂ ਵਿੱਚੋਂ ਇਕ ਪਾਵਨ ਅਸਥਾਨ ਦੀ ਮਰਯਾਦਾ ਨਾਲ ਜੁੜਿਆ ਮਾਮਲਾ
ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਸਰਵੋਚ ਧਾਰਮਿਕ ਅਸਥਾਨਾਂ ਵਿੱਚੋਂ ਇੱਕ ਹੈ ਅਤੇ ਇਸ ਦੇ ਪ੍ਰਬੰਧ, ਮਰਯਾਦਾ ਅਤੇ ਧਾਰਮਿਕ ਖ਼ੁਦਮੁਖਤਿਆਰੀ ਨਾਲ ਜੁੜੇ ਮਸਲਿਆਂ ’ਤੇ ਇਕਪੱਖੀ ਫੈਸਲੇ ਨਹੀਂ ਲਏ ਜਾ ਸਕਦੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਸਿੱਖ ਸੰਸਥਾਵਾਂ ਅਤੇ ਸ਼੍ਰੋਮਣੀ ਕਮੇਟੀ ਦੀ ਰਾਇ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ।
ਪ੍ਰਬੰਧਕੀ ਢਾਂਚੇ ਵਿੱਚ ਤਬਦੀਲੀ ਨੂੰ ਲੈ ਕੇ ਉਠੇ ਸਵਾਲ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਪੁਰਾਣੇ ਕਾਨੂੰਨ ਨੂੰ ਆਧਾਰ ਬਣਾ ਕੇ ਪ੍ਰਬੰਧਕੀ ਢਾਂਚੇ ਵਿੱਚ ਤਬਦੀਲੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਧਾਰਮਿਕ ਸੰਸਥਾਵਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰ ਸਕਦੇ ਹਨ ਅਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲ ਵਧਣ ਦਾ ਖ਼ਤਰਾ ਪੈਦਾ ਕਰਦੇ ਹਨ।
ਪਿਛਲੇ ਯਤਨਾਂ ਦਾ ਵੀ ਕੀਤਾ ਜ਼ਿਕਰ
ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿੱਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਸਬੰਧੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦਾ ਸਿੱਖ ਸੰਗਤਾਂ ਨੇ ਜ਼ੋਰਦਾਰ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਕਜੁੱਟਤਾ ਕਾਰਨ ਉਸ ਵੇਲੇ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਸੀ।
ਮੁੱਖ ਮੰਤਰੀ ਨੂੰ ਕਾਰਵਾਈ ਰੋਕਣ ਦੀ ਅਪੀਲ
ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲ ਵਧਾਉਣ ਵਾਲੇ ਕਿਸੇ ਵੀ ਕਦਮ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਿਤ ਮੌਜੂਦਾ ਕਾਨੂੰਨ ਵਿੱਚ ਤਬਦੀਲੀ ਦੀ ਪ੍ਰਕਿਰਿਆ ਨੂੰ ਤੁਰੰਤ ਰੋਕ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇ।

