Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ...

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਅਸ਼ੀਰਵਾਦ ਸਕੀਮ’ ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ ‘ਤੇ ਕਿਹਾ, “ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਧੀ ਆਪਣੇ ਘਰੋਂ ਵਿਦਾ ਹੋਵੇ, ਤਾਂ ਉਸ ਦੇ ਮਾਪਿਆਂ ਦੇ ਚਿਹਰੇ ‘ਤੇ ਚਿੰਤਾ ਦੀ ਬਜਾਏ ਸੁਖਾਲੇਪਣ ਦੀ ਮੁਸਕਰਾਹਟ ਹੋਵੇ। ਇਸੇ ਲਈ ਇਹ ਰਾਸ਼ੀ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ, ਪੂਰੀ ਪਾਰਦਰਸ਼ਤਾ ਨਾਲ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ।”

ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਕੁੱਲ 14 ਜ਼ਿਲ੍ਹਿਆਂ ਤੋਂ 3282 ਲਾਭਪਾਤਰੀਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਸਾਰੀਆਂ ਨੂੰ ਇਸ ਰਾਸ਼ੀ ਨਾਲ ਕਵਰ ਕਰ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ।

ਜ਼ਿਲ੍ਹੇ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਦੇ 1178 ਅਤੇ ਜਲੰਧਰ ਦੇ 877 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261, ਪਠਾਨਕੋਟ ਦੇ 210, ਬਰਨਾਲਾ ਦੇ 61, ਪਟਿਆਲਾ ਦੇ 61, ਮਾਨਸਾ ਦੇ 50, ਫਤਹਿਗੜ੍ਹ ਸਾਹਿਬ ਦੇ 47, ਬਠਿੰਡਾ ਦੇ 39, ਐਸ.ਏ.ਐਸ. ਨਗਰ ਦੇ 29, ਫਰੀਦਕੋਟ ਦੇ 28, ਮਾਲੇਰਕੋਟਲਾ ਦੇ 13 ਅਤੇ ਸੰਗਰੂਰ ਦੇ 01 ਲਾਭਪਾਤਰੀ/ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ, ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਨੂੰ ਮਿਲਾਕੇ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle