ਤਰਨਤਾਰਨ :- ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਕੈਰੋਂ ਪੁਲਿਸ ਚੌਕੀ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਚੌਕੀ ਇੰਚਾਰਜ ਵਜੋਂ ਤਾਇਨਾਤ ਏਐਸਆਈ ਅਮਰਜੀਤ ਸਿੰਘ ਨੇ ਕਥਿਤ ਤੌਰ ‘ਤੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਨਾਲ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਚਾਰ ਮਹੀਨਿਆਂ ਤੋਂ ਨਿਭਾ ਰਹੇ ਸਨ ਡਿਊਟੀ
ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ ਅਤੇ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਕੈਰੋਂ ਪੁਲਿਸ ਚੌਕੀ ਵਿੱਚ ਸੇਵਾਵਾਂ ਨਿਭਾ ਰਹੇ ਸਨ। ਵੀਰਵਾਰ ਸ਼ਾਮ ਉਹ ਨਾਕਾਬੰਦੀ ਦੀ ਡਿਊਟੀ ਤੋਂ ਵਾਪਸ ਪਰਤੇ, ਰਾਤ ਦਾ ਖਾਣਾ ਖਾਣ ਤੋਂ ਬਾਅਦ ਕਰੀਬ 9.30 ਵਜੇ ਆਪਣੇ ਸਰਕਾਰੀ ਕੁਆਰਟਰ ਵਿੱਚ ਚਲੇ ਗਏ, ਜਿੱਥੇ ਇਹ ਘਟਨਾ ਵਾਪਰੀ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਣ ‘ਤੇ ਡੀਐਸਪੀ ਰਵੀਸ਼ਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖ਼ੁਦਕੁਸ਼ੀ ਦੇ ਕਾਰਨਾਂ ਦੀ ਕੀਤੀ ਜਾ ਰਹੀ ਹੈ ਪੜਤਾਲ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਜਾਂਚ ਟੀਮ ਵੱਲੋਂ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਤੇ ਹੋਰ ਸਬੰਧਤ ਵਿਅਕਤੀਆਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

