ਚੰਡੀਗੜ੍ਹ :- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਭੇਜੇ ਗਏ ਸੱਦੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ 28 ਜੂਨ ਨੂੰ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ ਬੁਲਾਈ ਹੈ। ਸਵੇਰੇ 11 ਵਜੇ ਹੋਣ ਵਾਲੀ ਇਸ ਬੈਠਕ ਵਿੱਚ ਪਾਰਟੀ ਦੇ ਮੰਤਰੀ, ਵਿਧਾਇਕ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਮੀਟਿੰਗ ਵਿੱਚ ਹਾਜ਼ਰ ਰਹਿਣਗੇ, ਜਿੱਥੇ 29 ਜੂਨ ਨੂੰ ਅਪਣਾਏ ਜਾਣ ਵਾਲੇ ਰੁਖ਼ ‘ਤੇ ਅੰਤਿਮ ਵਿਚਾਰ ਕੀਤਾ ਜਾਵੇਗਾ।
ਕੇਜਰੀਵਾਲ ਦੇ ਅੰਮ੍ਰਿਤਸਰ ਦੌਰੇ ਦੌਰਾਨ ਹੋਵੇਗੀ ਅਹਿਮ ਬੈਠਕ
ਪਾਰਟੀ ਦੀ ਇਹ ਮੀਟਿੰਗ ਉਸ ਸਮੇਂ ਹੋ ਰਹੀ ਹੈ ਜਦੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਤਿੰਨ ਦਿਨਾਂ ਦੌਰੇ ਤਹਿਤ ਅੰਮ੍ਰਿਤਸਰ ਪੁੱਜੇ ਹੋਏ ਹਨ। ਉਨ੍ਹਾਂ ਦੇ ਦੌਰੇ ਦੌਰਾਨ ਹੀ ਪਾਰਟੀ ਵੱਲੋਂ ਇਹ ਅਹਿਮ ਬੈਠਕ ਸੱਦੀ ਗਈ ਹੈ, ਜਿਸ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਕਈ ਸਿੱਖ ਵਿਧਾਇਕ ਪੇਸ਼ ਹੋਣ ਦੇ ਹੱਕ ਵਿੱਚ
ਪਾਰਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਸਿੱਖ ਵਿਧਾਇਕ ਇਸ ਮਾਮਲੇ ਨੂੰ ਧਾਰਮਿਕ ਨਜ਼ਰੀਏ ਨਾਲ ਵੇਖ ਰਹੇ ਹਨ ਅਤੇ ਕਿਸੇ ਨਵੇਂ ਵਿਵਾਦ ਤੋਂ ਬਚਣ ਦੇ ਹੱਕ ਵਿੱਚ ਹਨ। ਸੂਤਰਾਂ ਮੁਤਾਬਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ਦਾ ਸਨਮਾਨ ਕਰਦਿਆਂ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਦੇ ਪੱਖ ਵਿੱਚ ਹਨ। ਹਾਲਾਂਕਿ ਇਸ ਮੁੱਦੇ ‘ਤੇ ਪਾਰਟੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
ਅਕਾਲੀ ਦਲ ਅਤੇ ਕਾਂਗਰਸ ਪਹਿਲਾਂ ਹੀ ਕਰ ਚੁੱਕੇ ਹਨ ਆਪਣਾ ਰੁਖ਼ ਸਪੱਸ਼ਟ
ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਿੱਖ ਵਿਧਾਇਕ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ਅਨੁਸਾਰ ਪੇਸ਼ ਹੋਣਗੇ। ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਹਾਜ਼ਰੀ ਭਰਨ ਦੀ ਗੱਲ ਕਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ ਅਤੇ ਰਾਣਾ ਗੁਰਜੀਤ ਸਿੰਘ ਦਾ ਵੀ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਧਾਰਮਿਕ ਅਸਥਾਨ ਹੈ ਅਤੇ ਕਾਂਗਰਸੀ ਵਿਧਾਇਕ ਨਿਮਰਤਾ ਨਾਲ ਉੱਥੇ ਪੇਸ਼ ਹੋਣਗੇ।
ਮੁੱਖ ਮੰਤਰੀ ਨੂੰ ਅਜੇ ਤੱਕ ਨਹੀਂ ਭੇਜਿਆ ਗਿਆ ਵੱਖਰਾ ਪੱਤਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਪੇਸ਼ ਹੋਣ ਲਈ ਪੱਤਰ ਭੇਜੇ ਜਾ ਚੁੱਕੇ ਹਨ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਜੇ ਤੱਕ ਵੱਖਰੇ ਤੌਰ ‘ਤੇ ਕੋਈ ਪੱਤਰ ਨਹੀਂ ਭੇਜਿਆ ਗਿਆ। ਇਸ ਦੇ ਬਾਵਜੂਦ ਮੁੱਖ ਮੰਤਰੀ ਪਹਿਲਾਂ ਕਹਿ ਚੁੱਕੇ ਹਨ ਕਿ ਜੇ ਉਨ੍ਹਾਂ ਨੂੰ ਸੱਦਾ ਮਿਲਦਾ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜ਼ਰੂਰ ਪੇਸ਼ ਹੋਣਗੇ, ਕਿਉਂਕਿ ਉਹ ਪਹਿਲਾਂ ਵੀ ਉੱਥੇ ਹਾਜ਼ਰੀ ਭਰ ਚੁੱਕੇ ਹਨ।
ਵੀਡੀਓ ਵਿਵਾਦ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼
ਮੁੱਖ ਮੰਤਰੀ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਲਗਾਤਾਰ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ। ਇਸ ਪਿਛੋਕੜ ਵਿੱਚ 28 ਜੂਨ ਨੂੰ ਹੋਣ ਵਾਲੀ ‘ਆਪ’ ਦੀ ਮੀਟਿੰਗ ਨੂੰ 29 ਜੂਨ ਦੀ ਪੇਸ਼ੀ ਦੇ ਮਾਮਲੇ ਵਿੱਚ ਪਾਰਟੀ ਦੇ ਅਗਲੇ ਫ਼ੈਸਲੇ ਲਈ ਅਹਿਮ ਮੰਨਿਆ ਜਾ ਰਿਹਾ ਹੈ।

