ਵਪਾਰ ਸਮਝੌਤੇ ਨੂੰ ਜਲਦੀ ਅੰਤਿਮ ਰੂਪ ਦੇਣ ਦੀ ਉਮੀਦ, ਮਾਰਕੋ ਰੂਬੀਓ ਵੀ ਕਰਨਗੇ ਭਾਰਤ ਦੌਰਾ
ਨਵੀਂ ਦਿੱਲੀ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 2027 ਦੇ ਸ਼ੁਰੂਆਤੀ ਮਹੀਨਿਆਂ ਵਿੱਚ ਭਾਰਤ ਦੌਰੇ ਦੀ ਸੰਭਾਵਨਾ ਜਤਾਈ ਗਈ ਹੈ। ਇਹ ਜਾਣਕਾਰੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਦੋਵੇਂ ਦੇਸ਼ਾਂ ਵਿਚਾਲੇ ਸੰਪਰਕ ਜਾਰੀ ਹੈ।
ਭਾਰਤ-ਅਮਰੀਕਾ ਵਪਾਰ ਸਮਝੌਤਾ ਜਲਦੀ ਹੋ ਸਕਦਾ ਹੈ ਮੁਕੰਮਲ
ਮਾਰਕੋ ਰੂਬੀਓ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਵਪਾਰ ਸਮਝੌਤੇ ਨੂੰ ਵੀ ਛੇਤੀ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਜਲਦ ਭਾਰਤ ਦਾ ਦੌਰਾ ਕਰਨਗੇ, ਜਿੱਥੇ ਇਸ ਪ੍ਰਸਤਾਵਿਤ ਯਾਤਰਾ ਅਤੇ ਹੋਰ ਦੁਵੱਲੇ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਟਰੰਪ ਅਤੇ ਮੋਦੀ ਵਿਚਾਲੇ ਮਜ਼ਬੂਤ ਸਬੰਧਾਂ ਦਾ ਕੀਤਾ ਜ਼ਿਕਰ
ਰੂਬੀਓ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਬਹੁਤ ਵਧੀਆ ਸਬੰਧ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਦੋਵੇਂ ਆਗੂਆਂ ਵਿਚਾਲੇ ਆਪਸੀ ਭਰੋਸਾ ਅਤੇ ਸਹਿਯੋਗ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਟਰੰਪ ਦਾ ਹੋਵੇਗਾ ਦੂਜਾ ਭਾਰਤ ਦੌਰਾ
ਜੇਕਰ ਇਹ ਯਾਤਰਾ ਤੈਅ ਸਮੇਂ ਅਨੁਸਾਰ ਹੁੰਦੀ ਹੈ ਤਾਂ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਇਹ ਦੂਜਾ ਭਾਰਤ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ ਸਾਲ 2020 ਵਿੱਚ ਭਾਰਤ ਆਏ ਸਨ, ਜਿੱਥੇ ਉਨ੍ਹਾਂ ਨੇ ਅਹਿਮਦਾਬਾਦ ਸਮੇਤ ਕਈ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਸੀ। ਹੁਣ ਪ੍ਰਸਤਾਵਿਤ ਦੌਰੇ ਨੂੰ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਨਜ਼ਰੀਏ ਨਾਲ ਅਹਿਮ ਮੰਨਿਆ ਜਾ ਰਿਹਾ ਹੈ।

