ਅੰਮ੍ਰਿਤਸਰ :- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਸਬੰਧੀ ਜਾਰੀ ਹੋਏ ਹੁਕਮਨਾਮੇ ਨੂੰ ਪਿੰਡ-ਪਿੰਡ ਤੱਕ ਲਾਗੂ ਕਰਵਾਉਣ ਲਈ ਵਿਸ਼ੇਸ਼ ਇਜਲਾਸ ਬੁਲਾਇਆ ਜਾ ਸਕਦਾ ਹੈ ਤਾਂ ਫਿਰ 2 ਦਸੰਬਰ ਦੇ ਹੁਕਮਨਾਮੇ ਦੀ ਕਥਿਤ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਵੀ ਇੱਕੋ ਜਿਹਾ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ।
ਦੋਵਾਂ ਮਾਮਲਿਆਂ ‘ਤੇ ਇੱਕੋ ਜਿਹਾ ਫ਼ੈਸਲਾ ਹੋਵੇ
ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਅੱਜ ਹੋਣ ਵਾਲੇ ਵਿਸ਼ੇਸ਼ ਇਜਲਾਸ ਵਿੱਚ ਸੁਖਬੀਰ ਸਿੰਘ ਬਾਦਲ ਸਬੰਧੀ ਵੀ ਸਪੱਸ਼ਟ ਮਤਾ ਪਾਸ ਕੀਤਾ ਜਾਵੇ। ਨਾਲ ਹੀ ਢਾਡੀਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੂੰ ਦੋਵਾਂ ਮਾਮਲਿਆਂ ਬਾਰੇ ਸੰਗਤਾਂ ਤੱਕ ਇੱਕੋ ਜਿਹੇ ਤਰੀਕੇ ਨਾਲ ਸੰਦੇਸ਼ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਜਾਣ।
ਐੱਸਜੀਪੀਸੀ ਦੀ ਗੋਲਕ ਦੇ ਪੈਸੇ ਦੀ ਵਰਤੋਂ ‘ਤੇ ਚੁੱਕੇ ਸਵਾਲ
ਉਨ੍ਹਾਂ ਦੋਸ਼ ਲਾਇਆ ਕਿ ਐੱਸਜੀਪੀਸੀ ਦੀ ਗੋਲਕ ਦੀ ਰਕਮ ਨੂੰ ਧਾਰਮਿਕ ਕੰਮਾਂ ਦੀ ਬਜਾਏ ਰਾਜਨੀਤਿਕ ਪੋਸਟਰਬਾਜ਼ੀ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਵਿੱਚ ਧੜੇਬੰਦੀ ਅਤੇ ਆਪਸੀ ਤਣਾਅ ਵਧ ਰਿਹਾ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ‘ਤੇ ਤੁਰੰਤ ਰੋਕ ਲਗਾਈ ਜਾਵੇ, ਤਾਂ ਜੋ ਧਾਰਮਿਕ ਅਦਾਰਿਆਂ ਦੀ ਮਰਿਆਦਾ ਬਰਕਰਾਰ ਰਹੇ।
ਜਥੇਦਾਰਾਂ ਖ਼ਿਲਾਫ਼ ਸੋਸ਼ਲ ਮੀਡੀਆ ਮੁਹਿੰਮਾਂ ਤੇ ਜਤਾਈ ਚਿੰਤਾ
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਜਥੇਦਾਰਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਬਹੁਤ ਨਿੰਦਣਯੋਗ ਹੈ। ਅਜਿਹੀਆਂ ਮੁਹਿੰਮਾਂ ਨਾਲ ਧਾਰਮਿਕ ਸੰਸਥਾਵਾਂ ਦੀ ਸਾਖ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਟਕਰਾਅ ਤੋਂ ਦੂਰ ਰੱਖਿਆ ਜਾਵੇ ਅਤੇ ਉਸ ਦੀ ਮਰਿਆਦਾ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ।
ਹਜ਼ੂਰ ਸਾਹਿਬ ਐਕਟ ਵਿੱਚ ਤਬਦੀਲੀ ਦਾ ਕੀਤਾ ਵਿਰੋਧ
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਨਾਲ ਸਬੰਧਤ ਕਾਨੂੰਨ ਵਿੱਚ ਸੰਭਾਵਿਤ ਸੋਧਾਂ ਦਾ ਵਿਰੋਧ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਦਾ ਆਰਟੀਕਲ 26 ਹਰ ਧਰਮ ਨੂੰ ਆਪਣੇ ਧਾਰਮਿਕ ਅਦਾਰਿਆਂ ਦਾ ਪ੍ਰਬੰਧ ਖ਼ੁਦ ਕਰਨ ਦਾ ਅਧਿਕਾਰ ਦਿੰਦਾ ਹੈ। ਜੇਕਰ ਮਹਾਰਾਸ਼ਟਰ ਸਰਕਾਰ ਇਸ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਵਧਾਉਂਦੀ ਹੈ ਤਾਂ ਇਹ ਸੰਵਿਧਾਨਕ ਭਾਵਨਾ ਦੇ ਉਲਟ ਹੋਵੇਗਾ ਅਤੇ ਸਿੱਖ ਕੌਮ ਇਸ ਦਾ ਡਟ ਕੇ ਵਿਰੋਧ ਕਰੇਗੀ।
ਐੱਸਜੀਪੀਸੀ ਚੋਣਾਂ ਜਲਦ ਕਰਵਾਉਣ ਦੀ ਦੁਹਰਾਈ ਮੰਗ
ਗਿਆਨੀ ਹਰਪ੍ਰੀਤ ਸਿੰਘ ਨੇ ਅੰਤ ਵਿੱਚ ਕਿਹਾ ਕਿ ਐੱਸਜੀਪੀਸੀ ਦੀਆਂ ਚੋਣਾਂ ਬਿਨਾਂ ਹੋਰ ਦੇਰੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਲਈ ਉਨ੍ਹਾਂ ਦੇ ਦਰਵਾਜ਼ੇ ਅੱਜ ਵੀ ਖੁੱਲ੍ਹੇ ਹਨ, ਪਰ ਇਸ ਲਈ ਸਾਰੀਆਂ ਧਿਰਾਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਇਮਾਨਦਾਰੀ ਨਾਲ ਅੱਗੇ ਆਉਣਾ ਹੋਵੇਗਾ।

