ਅੰਮ੍ਰਿਤਸਰ :- ਪੰਜਾਬ ਦੇ ਕਈ ਹਿੱਸਿਆਂ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਨੂੰ ਦੇਖਦੇ ਹੋਏ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਗਿਆ ਹੈ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਕਾਰਨ ਕਈ ਪਿੰਡਾਂ ਵਿੱਚ ਘਰੇਲੂ ਸਮਾਨ ਪੂਰੀ ਤਰ੍ਹਾਂ ਨਸ਼ਟ ਹੋ ਗਿਆ ਹੈ, ਬੇਹਿਸਾਬ ਪਸ਼ੂਆਂ ਅਤੇ ਪੰਛੀਆਂ ਦੀਆਂ ਜਾਨਾਂ ਗਈਆਂ ਹਨ ਅਤੇ ਲੋਕਾਂ ਨੂੰ ਵੱਡੇ ਉਜਾੜੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੇਸ਼ਾਂ-ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
ਬਾਬਾ ਬਲਬੀਰ ਸਿੰਘ ਨੇ ਅਪੀਲ ਕੀਤੀ ਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਆਪਣਾ ਫ਼ਰਜ਼ ਸਮਝਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰੀ ਮਦਦ ਦੇ ਨਾਲ ਨਾਲ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਵੀ ਇਸ ਸੰਕਟ ਦੀ ਘੜੀ ਵਿੱਚ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਸਮੂਹ ਸਿਆਸੀ ਧਿਰਾਂ ਨੂੰ ਇਕੱਠੇ ਹੋਣ ਦੀ ਲੋੜ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀਆਂ ਸਭ ਸਿਆਸੀ ਧਿਰਾਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਾਰ ਲੈਣੀ ਚਾਹੀਦੀ ਹੈ। ਇਹ ਸਮਾਂ ਰਾਜਨੀਤਿਕ ਟਕਰਾਅ ਦਾ ਨਹੀਂ ਸਗੋਂ ਮਿਲਕੇ ਕੰਮ ਕਰਨ ਦਾ ਹੈ, ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਹੋ ਸਕੇ ਅਤੇ ਉਹਨਾਂ ਨੂੰ ਮੁੜ ਸੁਰਜੀਤ ਕਰਨ ਵਾਸਤੇ ਸਹਿਯੋਗ ਮਿਲ ਸਕੇ।
ਬੁੱਢਾ ਦਲ ਦਾ ਵਚਨ
ਬੁੱਢਾ ਦਲ ਨੇ ਵਚਨ ਦਿੱਤਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਹਰ ਸੰਭਵ ਸਹਿਯੋਗ ਕਰੇਗਾ ਅਤੇ ਜਿੰਨੀ ਜਲਦੀ ਸੰਭਵ ਹੋਵੇ, ਰਾਹਤ ਸਮੱਗਰੀ ਪਹੁੰਚਾਈ ਜਾਵੇਗੀ।