ਲੁਧਿਆਣਾ :- ਲੁਧਿਆਣਾ ਦੇ ਸੈਕਟਰ-32 ਵਿੱਚ ਬੀਤੀ ਰਾਤ ਪਿਸਤੌਲ ਦੀ ਨੋਕ ‘ਤੇ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਨਵੇਂ ਤੱਥ ਸਾਹਮਣੇ ਆਏ ਹਨ। ਮੁੱਢਲੀ ਜਾਂਚ ਮੁਤਾਬਕ ਇਹ ਘਟਨਾ ਕਿਸੇ ਲੁੱਟ ਜਾਂ ਹੋਰ ਵਾਰਦਾਤ ਨਹੀਂ, ਸਗੋਂ ਦੋ ਧਿਰਾਂ ਵਿਚਾਲੇ ਚੱਲ ਰਹੀ ਪੁਰਾਣੀ ਦੁਸ਼ਮਣੀ ਦਾ ਨਤੀਜਾ ਸੀ।
ਦੋਵਾਂ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ
ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਕਰੀਬ 12 ਤੋਂ 15 ਨੌਜਵਾਨ ਆਪਸੀ ਰੰਜਿਸ਼ ਦੇ ਚਲਦਿਆਂ ਆਹਮੋ-ਸਾਹਮਣੇ ਹੋ ਗਏ। ਵਿਵਾਦ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਗਵਾ ਹੋਇਆ ਨੌਜਵਾਨ ਵੀ ਗੋਲੀਬਾਰੀ ਵਿੱਚ ਸੀ ਸ਼ਾਮਲ
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਗਵਾ ਕੀਤਾ ਗਿਆ ਨੌਜਵਾਨ ਸ਼ੁਭਮ ਵੀ ਇਸ ਝਗੜੇ ਅਤੇ ਗੋਲੀਬਾਰੀ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤਾ ਹੈ।
ਸ਼ੁਭਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਕਈ ਮਾਮਲੇ
ਪੁਲਿਸ ਅਨੁਸਾਰ ਸ਼ੁਭਮ ਕੋਈ ਪਹਿਲੀ ਵਾਰ ਕਾਨੂੰਨ ਦੇ ਘੇਰੇ ਵਿੱਚ ਨਹੀਂ ਆਇਆ। ਉਸ ਖ਼ਿਲਾਫ਼ ਪਹਿਲਾਂ ਤੋਂ ਹੀ ਪੰਜ ਅਪਰਾਧਿਕ ਮਾਮਲੇ ਦਰਜ ਹਨ। ਇਸ ਪਿਛੋਕੜ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਹੁਣ ਉਸ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਹਮਲੇ ਤੋਂ ਬਾਅਦ ਪੀਏਯੂ ਨੇੜੇ ਛੱਡ ਕੇ ਫ਼ਰਾਰ ਹੋਏ ਮੁਲਜ਼ਮ
ਥਾਣਾ ਮੁਖੀ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਹਮਲਾਵਰ ਸ਼ੁਭਮ ਨੂੰ ਆਪਣੇ ਨਾਲ ਲੈ ਗਏ ਅਤੇ ਕੁਝ ਸਮੇਂ ਬਾਅਦ ਉਸ ਨੂੰ ਪੀਏਯੂ ਨੇੜੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ੁਭਮ ਸਮੇਤ ਚਾਰ ਨਾਮਜ਼ਦ ਅਤੇ 12 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਰਿਮਾਂਡ ਲੈ ਕੇ ਹੋਵੇਗੀ ਹੋਰ ਪੁੱਛਗਿੱਛ
ਪੁਲਿਸ ਦਾ ਕਹਿਣਾ ਹੈ ਕਿ ਸ਼ੁਭਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਘਟਨਾ ਨਾਲ ਜੁੜੇ ਹੋਰ ਵਿਅਕਤੀਆਂ, ਹਥਿਆਰਾਂ ਦੇ ਸਰੋਤ ਅਤੇ ਪੂਰੀ ਸਾਜ਼ਿਸ਼ ਬਾਰੇ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ।

