ਚੰਡੀਗੜ੍ਹ :- ਮਾਨਸੂਨ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਹਾਲਾਤ ਦਾ ਜ਼ਮੀਨੀ ਪੱਧਰ ‘ਤੇ ਮੁਲਾਂਕਣ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲ ਦਾ ਮਕਸਦ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ, ਰੋਕਥਾਮ ਦੇ ਉਪਰਾਲਿਆਂ ਅਤੇ ਰਾਹਤ ਪ੍ਰਬੰਧਾਂ ਦੀ ਸਮੀਖਿਆ ਕਰਨਾ ਹੈ, ਤਾਂ ਜੋ ਸੰਭਾਵਿਤ ਹੜ੍ਹਾਂ ਦੌਰਾਨ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਪਹਿਲਾਂ ਹੀ ਅੰਦਾਜ਼ਾ ਲਗਾਇਆ ਜਾ ਸਕੇ।
ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪਿਛਲੇ ਸਾਲ ਹੜ੍ਹਾਂ ਤੋਂ ਪ੍ਰਭਾਵਿਤ ਰਹੇ ਜ਼ਿਲ੍ਹਿਆਂ ਦੇ ਦੌਰੇ ਲਈ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਹਨ। ਹਰ ਜ਼ਿਲ੍ਹੇ ਦੇ ਦੌਰੇ ਦੌਰਾਨ ਸੰਬੰਧਿਤ ਜ਼ਿਲ੍ਹਾ ਪ੍ਰਧਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ ਅਤੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਵਾਉਣਗੇ।
ਇਨ੍ਹਾਂ ਆਗੂਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ
ਪਾਰਟੀ ਵੱਲੋਂ ਅਸ਼ਵਨੀ ਸ਼ਰਮਾ ਨੂੰ ਗੁਰਦਾਸਪੁਰ, ਫਤਹ ਜੰਗ ਬਾਜਵਾ ਨੂੰ ਅੰਮ੍ਰਿਤਸਰ, ਸ਼ਵੇਤ ਮਲਿਕ ਨੂੰ ਪਠਾਨਕੋਟ, ਸੁਰਜੀਤ ਜਯਾਨੀ ਨੂੰ ਫਿਰੋਜ਼ਪੁਰ, ਸੁਨੀਲ ਜਾਖੜ ਨੂੰ ਫਾਜ਼ਿਲਕਾ, ਸੁਸ਼ੀਲ ਰਿੰਕੂ ਨੂੰ ਅਬੋਹਰ, ਅਵਿਨਾਸ਼ ਰਾਏ ਖੰਨਾ ਨੂੰ ਜਲੰਧਰ, ਜੰਗੀ ਲਾਲ ਮਹਾਜਨ ਨੂੰ ਹੁਸ਼ਿਆਰਪੁਰ, ਵਿਜੈ ਸਾਂਪਲਾ ਨੂੰ ਰੂਪਨਗਰ ਅਤੇ ਇਕਬਾਲ ਸਿੰਘ ਲਾਲਪੁਰਾ ਨੂੰ ਐਸ.ਏ.ਐਸ. ਨਗਰ (ਮੋਹਾਲੀ) ਦੇ ਦੌਰੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਤਿਆਰ ਹੋਵੇਗੀ ਰਿਪੋਰਟ
ਦੌਰੇ ਦੌਰਾਨ ਸੀਨੀਅਰ ਆਗੂ ਹੜ੍ਹ ਪ੍ਰਭਾਵਿਤ ਪਰਿਵਾਰਾਂ ਅਤੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਰਾਹਤ ਕਾਰਜਾਂ ਦੀ ਸਥਿਤੀ ਅਤੇ ਪੁਨਰਵਾਸ ਸਬੰਧੀ ਜਾਣਕਾਰੀ ਇਕੱਠੀ ਕਰਨਗੇ। ਇਸ ਦੇ ਨਾਲ ਹੀ ਉਹ ਮੌਜੂਦਾ ਤਿਆਰੀਆਂ ਵਿੱਚ ਰਹਿ ਗਈਆਂ ਕਮੀਆਂ ਦਾ ਵੀ ਜਾਇਜ਼ਾ ਲੈਣਗੇ ਅਤੇ ਆਪਣੀ ਵਿਸਥਾਰਪੂਰਵਕ ਰਿਪੋਰਟ ਪਾਰਟੀ ਹਾਈਕਮਾਨ ਨੂੰ ਸੌਂਪਣਗੇ।
ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੋਣ ਦਾ ਦਾਅਵਾ
ਭਾਜਪਾ ਪੰਜਾਬ ਨੇ ਕਿਹਾ ਹੈ ਕਿ ਪਾਰਟੀ ਹਰ ਸੰਕਟ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਆਫ਼ਤ ਪ੍ਰਬੰਧਨ, ਜਨ ਸੁਰੱਖਿਆ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਰਾਹਤ ਮਿਲੇ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਮਕਾਜ ‘ਤੇ ਨਜ਼ਰ ਰੱਖਦੀ ਰਹੇਗੀ। ਪਾਰਟੀ ਨੇ ਭਰੋਸਾ ਦਿੱਤਾ ਕਿ ਲੋਕਾਂ ਨਾਲ ਜੁੜੇ ਹਰ ਅਹਿਮ ਮੁੱਦੇ ਨੂੰ ਲਗਾਤਾਰ ਉਠਾਇਆ ਜਾਵੇਗਾ।

