ਚੰਡੀਗੜ੍ਹ :- ਭਾਰਤ ਦੀਆਂ ਸੁਰੱਖਿਆ ਏਜੰਸੀਆਂ ਲਈ ਅਹਿਮ ਮੰਨੀ ਜਾ ਰਹੀ ਇੱਕ ਕਾਰਵਾਈ ਵਿੱਚ ਪੰਜਾਬ ਨਾਲ ਸਬੰਧਤ ਲੋੜੀਂਦੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਸਪੇਨ ਦੀ ਰਾਜਧਾਨੀ ਮੈਡ੍ਰਿਡ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਇਹ ਕਾਰਵਾਈ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਸਾਂਝੀ ਕੀਤੀ ਗਈ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਹਾਲਾਂਕਿ ਅਧਿਕਾਰਤ ਪੱਧਰ ‘ਤੇ ਇਸ ਬਾਰੇ ਵਿਸਥਾਰਪੂਰਵਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।
ਐਨਆਈਏ ਨੇ ਰੱਖਿਆ ਸੀ 10 ਲੱਖ ਰੁਪਏ ਦਾ ਇਨਾਮ
ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ ਹੈ। ਉਹ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਕੇ ਕਾਨੂੰਨ ਤੋਂ ਬਚਦਾ ਫਿਰ ਰਿਹਾ ਸੀ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਹੋਇਆ ਸੀ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਜੁੜੇ ਕਈ ਗੰਭੀਰ ਮਾਮਲੇ ਦਰਜ ਹਨ।
ਵਿਦੇਸ਼ ਤੋਂ ਚਲਾਉਣ ਦੇ ਦੋਸ਼ ਸਨ ਅਪਰਾਧਿਕ ਨੈੱਟਵਰਕ
ਜਾਂਚ ਏਜੰਸੀਆਂ ਮੁਤਾਬਕ ਗੋਲਡੀ ਢਿੱਲੋਂ ਸਾਲ 2022 ਦੌਰਾਨ ਭਾਰਤ ਛੱਡ ਕੇ ਵਿਦੇਸ਼ ਚਲਾ ਗਿਆ ਸੀ। ਇਸ ਤੋਂ ਬਾਅਦ ਉਹ ਕਥਿਤ ਤੌਰ ‘ਤੇ ਵਿਦੇਸ਼ ਤੋਂ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਆਪਣੇ ਨੈੱਟਵਰਕ ਨੂੰ ਚਲਾਉਂਦਾ ਅਤੇ ਮਜ਼ਬੂਤ ਕਰਦਾ ਰਿਹਾ। ਉਸ ਉੱਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਕਰਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਸੰਚਾਲਿਤ ਕਰਨ ਦੇ ਦੋਸ਼ ਵੀ ਲੱਗਦੇ ਰਹੇ ਹਨ।
ਕਈ ਵੱਡੇ ਅਪਰਾਧਿਕ ਮਾਮਲਿਆਂ ਵਿੱਚ ਨਾਮ ਆਇਆ ਸਾਹਮਣੇ
ਪੁਲਿਸ ਰਿਕਾਰਡ ਅਨੁਸਾਰ ਗੋਲਡੀ ਢਿੱਲੋਂ ਦਾ ਨਾਮ ਚੰਡੀਗੜ੍ਹ ਅਤੇ ਪੰਜਾਬ ਵਿੱਚ ਵਾਪਰੀਆਂ ਕਈ ਵੱਡੀਆਂ ਵਾਰਦਾਤਾਂ ਨਾਲ ਜੋੜਿਆ ਜਾਂਦਾ ਹੈ। ਇਨ੍ਹਾਂ ਵਿੱਚ ਗੋਲੀਬਾਰੀ, ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼ ਅਤੇ ਹੋਰ ਸੰਗੀਨ ਅਪਰਾਧ ਸ਼ਾਮਲ ਹਨ। ਇਸ ਤੋਂ ਇਲਾਵਾ ਉਸ ਦਾ ਨਾਮ ਵਿਦੇਸ਼ ਵਿੱਚ ਵਾਪਰੀਆਂ ਕੁਝ ਚਰਚਿਤ ਘਟਨਾਵਾਂ ਵਿੱਚ ਵੀ ਸਾਹਮਣੇ ਆਇਆ ਸੀ, ਜਿਨ੍ਹਾਂ ਦੀ ਜਾਂਚ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ।
ਗੈਂਗਾਂ ਨਾਲ ਰਿਸ਼ਤਿਆਂ ਨੂੰ ਲੈ ਕੇ ਵੀ ਰਹੀ ਚਰਚਾ
ਸੁਰੱਖਿਆ ਏਜੰਸੀਆਂ ਦੇ ਰਿਕਾਰਡ ਅਨੁਸਾਰ ਗੋਲਡੀ ਢਿੱਲੋਂ ਦਾ ਨਾਮ ਪਹਿਲਾਂ ਕੁਝ ਹੋਰ ਅਪਰਾਧਿਕ ਗਿਰੋਹਾਂ ਨਾਲ ਵੀ ਜੋੜਿਆ ਜਾਂਦਾ ਰਿਹਾ ਹੈ। ਬਾਅਦ ਵਿੱਚ ਵੱਖ-ਵੱਖ ਗੈਂਗਾਂ ਦਰਮਿਆਨ ਮਤਭੇਦਾਂ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਉਹ ਵਿਦੇਸ਼ ਵਿੱਚ ਬੈਠ ਕੇ ਕਥਿਤ ਤੌਰ ‘ਤੇ ਅਪਰਾਧਿਕ ਗਤੀਵਿਧੀਆਂ ਨੂੰ ਦਿਸ਼ਾ ਦਿੰਦਾ ਰਿਹਾ।
ਭਾਰਤ ਲਿਆਉਣ ਦੀ ਕਾਰਵਾਈ ਹੋ ਸਕਦੀ ਹੈ ਸ਼ੁਰੂ
ਸੂਤਰਾਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਸ ਨੂੰ ਭਾਰਤ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਭਾਰਤੀ ਏਜੰਸੀਆਂ ਸਪੇਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਨ। ਜੇਕਰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਗੋਲਡੀ ਢਿੱਲੋਂ ਨੂੰ ਭਾਰਤ ਲਿਆ ਕੇ ਉਸ ਖ਼ਿਲਾਫ਼ ਦਰਜ ਵੱਖ-ਵੱਖ ਮਾਮਲਿਆਂ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।

