ਪਠਾਨਕੋਟ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਕਰਵਾਈ ਜਾ ਰਹੀ ਇੱਕ ਜਨਤਕ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਦੇ ਦੌਰੇ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਉਹ ਲਗਾਤਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਲੋਕਾਂ ਨਾਲ ਸੰਪਰਕ ਵੀ ਬਣਾ ਰਹੇ ਹਨ। ਉੱਧਰ, ਭਾਰਤੀ ਜਨਤਾ ਪਾਰਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਉਹ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ, ਜਿਸ ਕਾਰਨ ਇਸ ਦੌਰੇ ਨੂੰ ਵੀ ਸਿਆਸੀ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ।

