ਲੁਧਿਆਣਾ :- ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਉਣ ਲਈ ਲੁਧਿਆਣਾ ਪੁਲਿਸ ਨੇ ਐਤਵਾਰ ਤੜਕੇ ‘ਆਪਰੇਸ਼ਨ ਪ੍ਰਹਾਰ-3’ ਤਹਿਤ ਵੱਡੇ ਪੱਧਰ ‘ਤੇ ਛਾਪੇਮਾਰੀ ਮੁਹਿੰਮ ਚਲਾਈ। ਸਵੇਰ ਤੋਂ ਪਹਿਲਾਂ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਇਕੋ ਸਮੇਂ ਕਾਰਵਾਈ ਕਰਦਿਆਂ ਸ਼ੱਕੀ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਦੌਰਾਨ 133 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਸ ਨਾਲ ਅਪਰਾਧਿਕ ਅਨਸਰਾਂ ਵਿੱਚ ਹੜਕੰਪ ਮਚ ਗਿਆ।
ਕਈ ਥਾਵਾਂ ‘ਤੇ ਇੱਕੋ ਸਮੇਂ ਚਲਾਈ ਗਈ ਛਾਪੇਮਾਰੀ
ਇਸ ਵਿਸ਼ੇਸ਼ ਮੁਹਿੰਮ ਵਿੱਚ ਪੁਲਿਸ ਕਮਿਸ਼ਨਰੇਟ ਦੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਅਤੇ ਸੀਨੀਅਰ ਅਧਿਕਾਰੀਆਂ ਨੇ ਸਾਂਝੇ ਤੌਰ ‘ਤੇ ਹਿੱਸਾ ਲਿਆ। ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੀ ਪੜਤਾਲ ਕੀਤੀ ਗਈ ਅਤੇ ਕਈ ਥਾਵਾਂ ‘ਤੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ, ਤਾਂ ਜੋ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲਾ ਸਮਾਨ ਵੀ ਮਿਲਿਆ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਕਾਬੂ ਕੀਤੇ ਗਏ ਕੁਝ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਬਰਾਮਦਗੀ ਦੇ ਆਧਾਰ ‘ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਰਹੇਗੀ ਜਾਰੀ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ‘ਆਪਰੇਸ਼ਨ ਪ੍ਰਹਾਰ-3’ ਦਾ ਮਕਸਦ ਸ਼ਹਿਰ ਵਿੱਚ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਚਲਦੀਆਂ ਰਹਿਣਗੀਆਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

