ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸਿੱਧੇ ਤੌਰ ਤੇ ਪ੍ਰਵਾਸੀ ਪੰਜਾਬੀਆਂ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ :- ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦਾ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅੱਜ ਬੁੱਧਵਾਰ ਸਵੇਰੇ 11 ਵਜੇ ‘ਆਨਲਾਈਨ ਐਨਆਰਆਈ ਮਿਲਣੀ’ ਕਰਵਾਈ ਜਾ ਰਹੀ ਹੈ। ਇਸ ਦੀ ਅਗਵਾਈ ਐਨਆਰਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ।
ਪ੍ਰਵਾਸੀ ਪੰਜਾਬੀਆਂ ਨੂੰ ਸਿੱਧੇ ਤੌਰ ‘ਤੇ ਆਪਣੀ ਗੱਲ ਰੱਖਣ ਦਾ ਮੌਕਾ
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦਾ ਮਕਸਦ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਸਰਕਾਰ ਨਾਲ ਸਿੱਧਾ ਸੰਪਰਕ ਕਰਨ ਦਾ ਮੰਚ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਹ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਹੋਰ ਮਸਲੇ ਸਿੱਧੇ ਤੌਰ ‘ਤੇ ਪੇਸ਼ ਕਰ ਸਕਣਗੇ।
ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼
ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਸਾਹਮਣੇ ਆਉਣ ਵਾਲੇ ਹਰੇਕ ਮਾਮਲੇ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਕੋਲ ਭੇਜਿਆ ਜਾਵੇਗਾ। ਨਾਲ ਹੀ, ਸ਼ਿਕਾਇਤਾਂ ਦੇ ਜਲਦੀ ਅਤੇ ਪ੍ਰਭਾਵੀ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।
ਪਹਿਲਾਂ ਤੋਂ ਸ਼ਿਕਾਇਤ ਭੇਜਣ ਅਤੇ ਰਜਿਸਟ੍ਰੇਸ਼ਨ ਦੀ ਸਹੂਲਤ
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਸ਼ਾਮਲ ਹੋਣ ਦੇ ਇੱਛੁਕ ਐਨਆਰਆਈ ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ ਈ-ਮੇਲ ਰਾਹੀਂ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਨਿਰਧਾਰਤ ਆਨਲਾਈਨ ਰਜਿਸਟ੍ਰੇਸ਼ਨ ਲਿੰਕ ਰਾਹੀਂ ਆਪਣਾ ਨਾਮ ਦਰਜ ਕਰਵਾ ਕੇ ਵੀ ਇਸ ਉਪਰਾਲੇ ਦਾ ਹਿੱਸਾ ਬਣ ਸਕਦੇ ਹਨ।
ਰਜਿਸਟਰਡ ਭਾਗੀਦਾਰਾਂ ਲਈ ਆਨਲਾਈਨ ਸ਼ਮੂਲੀਅਤ ਦੀ ਵਿਵਸਥਾ
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਐਨਆਰਆਈ ਨਿਰਧਾਰਤ ਸਮੇਂ ‘ਤੇ ਦਿੱਤੇ ਗਏ ਡਿਜ਼ੀਟਲ ਪਲੇਟਫਾਰਮ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋ ਸਕਣਗੇ। ਇਸ ਲਈ ਲੋੜੀਂਦੀ ਲਾਗਇਨ ਜਾਣਕਾਰੀ ਰਜਿਸਟਰਡ ਭਾਗੀਦਾਰਾਂ ਨੂੰ ਉਪਲਬਧ ਕਰਵਾਈ ਜਾਵੇਗੀ।
ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ
ਡਾ. ਰਵਜੋਤ ਸਿੰਘ ਨੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਨੂੰ ਇਸ ਪਹਿਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਹਰ ਸ਼ਿਕਾਇਤ ਦਾ ਨਿਪਟਾਰਾ ਨਿਰਪੱਖਤਾ, ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ।

