ਚੰਡੀਗੜ੍ਹ :- ਪੰਜਾਬ ਵਿੱਚ ਅਗਲੇ ਕੁਝ ਦਿਨ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ਗੋਈ ਕੀਤੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ, ਪਰ 13 ਜੁਲਾਈ ਤੋਂ ਬਾਅਦ ਮਾਨਸੂਨ ਦੀ ਰਫ਼ਤਾਰ ਘਟਣ ਨਾਲ ਮੌਸਮ ਮੁੜ ਖੁਸ਼ਕ ਹੋ ਸਕਦਾ ਹੈ ਅਤੇ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਦਰਜ ਹੋਣ ਦੀ ਸੰਭਾਵਨਾ ਹੈ।
7 ਜ਼ਿਲ੍ਹਿਆਂ ਲਈ ਦਰਮਿਆਨੀ ਬਾਰਿਸ਼ ਦਾ ਅਲਰਟ
ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਹੋਰ ਕਈ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ।
ਮੋਹਾਲੀ ਤੇ ਚੰਡੀਗੜ੍ਹ ਵਿੱਚ ਰਾਤ ਤੋਂ ਹੀ ਮੀਂਹ
ਮੋਹਾਲੀ ਅਤੇ ਚੰਡੀਗੜ੍ਹ ਵਿੱਚ ਵੀਰਵਾਰ ਦੇਰ ਰਾਤ ਤੋਂ ਹੀ ਮੀਂਹ ਦਾ ਦੌਰ ਜਾਰੀ ਹੈ। ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ।
12 ਜੁਲਾਈ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 10 ਤੋਂ 12 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
13 ਜੁਲਾਈ ਤੋਂ ਮੀਂਹ ਦੀ ਰਫ਼ਤਾਰ ਪਵੇਗੀ ਮੱਧਮ
ਮੌਸਮ ਵਿਭਾਗ ਅਨੁਸਾਰ 13 ਤੋਂ 15 ਜੁਲਾਈ ਦਰਮਿਆਨ ਮਾਨਸੂਨ ਦੀ ਸਰਗਰਮੀ ਕਾਫ਼ੀ ਘੱਟ ਹੋ ਜਾਵੇਗੀ। ਇਸ ਸਮੇਂ ਦੌਰਾਨ ਸਿਰਫ਼ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹੇਗਾ ਅਤੇ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ।

