ਅੰਮ੍ਰਿਤਸਰ :- ਬ੍ਰਹਮ ਗਿਆਨੀ, ਮਹਾਨ ਵਿਦਵਾਨ ਅਤੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਡੇਰਾ ਸੰਤ ਅਮੀਰ ਸਿੰਘ, ਗਲੀ ਸੱਤੋ ਵਾਲੀ, ਕਟੜਾ ਕਰਮ ਸਿੰਘ ਵਿਖੇ ਪੂਰੀ ਸ਼ਰਧਾ ਅਤੇ ਧਾਰਮਿਕ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
ਵਿਸ਼ਾਲ ਦੀਵਾਨ ਸਜਿਆ, ਗੁਰਬਾਣੀ ਕੀਰਤਨ ਅਤੇ ਕਥਾ ਨਾਲ ਗੂੰਜਿਆ ਮਾਹੌਲ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਜੇ ਧਾਰਮਿਕ ਦੀਵਾਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਗਿਆਨੀ ਵਿਸ਼ਾਲ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ ਅਤੇ ਹੋਰ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦਾ ਸੱਦਾ
ਸਮਾਗਮ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦੀ ਅਮਰ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ, ਤਿਆਗ ਅਤੇ ਸਿੱਖੀ ਪ੍ਰਤੀ ਸਮਰਪਣ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤ ਅਮਨਦੀਪ ਸਿੰਘ ਵੱਲੋਂ ਪੰਥਕ ਸੇਵਾ ਅਤੇ ਗੁਰਮਤਿ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰਵਾਏ ਦਰਸ਼ਨ
ਸਮਾਗਮ ਦੌਰਾਨ ਸੰਤ ਗਿਆਨੀ ਉਤਮ ਸਿੰਘ ਜੀ ਵੱਲੋਂ ਆਪਣੇ ਹੱਥਾਂ ਨਾਲ ਲਿਖੇ ਗਏ ਵੱਡੇ ਸਰੂਪ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵੀ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ। ਇਸ ਦੁਰਲੱਭ ਸਰੂਪ ਨੂੰ ਦੇਖਣ ਲਈ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ।
ਪੰਥਕ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਸੋਢੀ, ਗਿਆਨੀ ਸੁਰਜੀਤ ਸਿੰਘ, ਬਾਬਾ ਸੁਰਜਨ ਸਿੰਘ ਮੱਲਪੁਰੀ, ਬਾਬਾ ਰਣਜੋਧ ਸਿੰਘ, ਮਹੰਤ ਪ੍ਰੀਤਪਾਲ ਸਿੰਘ, ਮਹੰਤ ਸੁੰਦਰ ਸਿੰਘ, ਮਹੰਤ ਰਣਜੀਤ ਸਿੰਘ, ਗਿਆਨੀ ਸ਼ੇਰ ਸਿੰਘ, ਭਾਈ ਆਤਮਾ ਸਿੰਘ, ਸੰਤ ਜੈਲ ਸਿੰਘ ਸ਼ਾਸਤਰੀ, ਸੰਤ ਅਮਰੀਕ ਸਿੰਘ ਵੈਦ, ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾ ਕੇ ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

