ਪੰਜਾਬ ਦੇ 23 ਜ਼ਿਲ੍ਹਿਆਂ ਸਮੇਤ ਕਈ ਸੂਬਿਆਂ ਵਿੱਚ ਰੋਸ ਪ੍ਰਦਰਸ਼ਨ ਦੀ ਤਿਆਰੀ
ਚੰਡੀਗੜ੍ਹ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਕੇਂਦਰ ਸਰਕਾਰ ਤੱਕ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੀ ਨਾਰਾਜ਼ਗੀ ਪਹੁੰਚਾਉਣਾ ਹੈ, ਜੋ ਇਸ ਪ੍ਰਸਤਾਵਿਤ ਸਮਝੌਤੇ ਨੂੰ ਦੇਸ਼ ਦੇ ਹਿੱਤਾਂ ਲਈ ਨੁਕਸਾਨਦੇਹ ਮੰਨਦੇ ਹਨ।
ਪੰਜਾਬ ਸਮੇਤ ਕਈ ਸੂਬਿਆਂ ਵਿੱਚ ਹੋਵੇਗਾ ਰੋਸ ਪ੍ਰਦਰਸ਼ਨ
ਪੰਧੇਰ ਨੇ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਮੋਟਰਸਾਈਕਲ ਮਾਰਚ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਆਜ਼ਾਦ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਓਡੀਸ਼ਾ, ਦਿੱਲੀ ਅਤੇ ਮਹਾਰਾਸ਼ਟਰ ਸਮੇਤ ਕਈ ਹੋਰ ਰਾਜਾਂ ਵਿੱਚ ਵੀ ਮੋਟਰਸਾਈਕਲ ਅਤੇ ਸਾਈਕਲ ਮਾਰਚ ਕੱਢ ਕੇ ਵਿਰੋਧ ਦਰਜ ਕਰਵਾਇਆ ਜਾਵੇਗਾ।
ਸਮਝੌਤੇ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਦਾ ਦਾਅਵਾ
ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਕਿ ਭਾਰਤ ਖੇਤੀਬਾੜੀ ਉਤਪਾਦਨ ਦੇ ਮਾਮਲੇ ਵਿੱਚ ਆਤਮਨਿਰਭਰ ਹੈ ਅਤੇ ਦੇਸ਼ ਵਿੱਚ ਅਨਾਜ, ਦਾਲਾਂ, ਸਬਜ਼ੀਆਂ, ਫਲ, ਫੁੱਲ ਅਤੇ ਤੇਲ ਬੀਜਾਂ ਸਮੇਤ ਲਗਭਗ ਹਰ ਜ਼ਰੂਰੀ ਖੇਤੀ ਉਤਪਾਦ ਦੀ ਪੈਦਾਵਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਵਿਦੇਸ਼ੀ ਖੇਤੀ ਉਤਪਾਦਾਂ ਦੀ ਦਰਾਮਦ ਵਧਾਉਣ ਦੀ ਲੋੜ ਨਹੀਂ ਹੈ।
ਉਨ੍ਹਾਂ ਦੇ ਅਨੁਸਾਰ ਜੇਕਰ ਭਾਰਤ-ਅਮਰੀਕਾ ਵਪਾਰਕ ਸਮਝੌਤਾ ਲਾਗੂ ਹੁੰਦਾ ਹੈ ਤਾਂ ਅਮਰੀਕਾ ਤੋਂ ਆਉਣ ਵਾਲੇ ਖੇਤੀ ਉਤਪਾਦ ਘੱਟ ਜਾਂ ਜ਼ੀਰੋ ਡਿਊਟੀ ’ਤੇ ਭਾਰਤੀ ਮਾਰਕੀਟ ਵਿੱਚ ਦਾਖ਼ਲ ਹੋਣਗੇ, ਜਿਸ ਨਾਲ ਦੇਸ਼ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੀ ਆਮਦਨ ’ਤੇ ਸਿੱਧਾ ਅਸਰ ਪੈ ਸਕਦਾ ਹੈ।
ਅਮਰੀਕੀ ਸਬਸਿਡੀ ਦਾ ਵੀ ਚੁੱਕਿਆ ਮੁੱਦਾ
ਪੰਧੇਰ ਨੇ ਕਿਹਾ ਕਿ ਅਮਰੀਕਾ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਕੰਪਨੀਆਂ ਨੂੰ ਵੱਡੇ ਪੱਧਰ ’ਤੇ ਸਰਕਾਰੀ ਸਬਸਿਡੀ ਮਿਲਦੀ ਹੈ। ਅਜਿਹੀ ਸਥਿਤੀ ਵਿੱਚ ਭਾਰਤੀ ਕਿਸਾਨਾਂ ਲਈ ਉਨ੍ਹਾਂ ਨਾਲ ਮੁਕਾਬਲਾ ਕਰਨਾ ਮੁਸ਼ਕਲ ਹੋਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸਮਝੌਤੇ ਦਾ ਪ੍ਰਭਾਵ ਸਿਰਫ਼ ਖੇਤੀ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਛੋਟੇ ਉਦਯੋਗਾਂ ਅਤੇ ਵਪਾਰੀਆਂ ’ਤੇ ਵੀ ਪੈ ਸਕਦਾ ਹੈ।
ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ
ਸਰਵਣ ਸਿੰਘ ਪੰਧੇਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਹੋਣ ਵਾਲੇ ਮੋਟਰਸਾਈਕਲ ਮਾਰਚਾਂ ਵਿੱਚ ਵੱਧ ਤੋਂ ਵੱਧ ਗਿਣਤੀ ਨਾਲ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਵਾਪਸ ਨਾ ਲਿਆ ਤਾਂ ਕਿਸਾਨ ਜਥੇਬੰਦੀਆਂ ਪਹਿਲਾਂ ਹੋਏ ਕਿਸਾਨ ਅੰਦੋਲਨ ਨਾਲੋਂ ਵੀ ਵੱਡਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੀਆਂ।

