ਅੰਮ੍ਰਿਤਸਰ :- ਜੰਡਿਆਲਾ ਗੁਰੂ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਜੀ.ਟੀ. ਰੋਡ ਨੇੜੇ ਪਿੰਡ ਮੱਲੀਆਂ ਕੋਲ ਖੇਤਾਂ ਵਿੱਚ ਬਣੇ ਮੋਟਰ ਦੇ ਇੱਕ ਕਮਰੇ ਵਿੱਚੋਂ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਥੋਥੀਆ ਵਜੋਂ ਹੋਈ ਹੈ। ਸੂਚਨਾ ਮਿਲਣ ਉਪਰੰਤ ਜੰਡਿਆਲਾ ਗੁਰੂ ਪੁਲਿਸ ਮੌਕੇ ‘ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ।
ਦੋ ਦਿਨਾਂ ਤੋਂ ਲਾਪਤਾ ਸੀ ਨੌਜਵਾਨ
ਪਰਿਵਾਰਕ ਮੈਂਬਰਾਂ ਅਨੁਸਾਰ ਗੁਰਪ੍ਰੀਤ ਸਿੰਘ 13 ਜੁਲਾਈ ਦੀ ਸ਼ਾਮ ਆਪਣੇ ਮੋਟਰਸਾਈਕਲ ‘ਤੇ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਪਰਤਿਆ। ਪਰਿਵਾਰ ਨੇ ਰਿਸ਼ਤੇਦਾਰਾਂ ਅਤੇ ਹੋਰ ਸੰਭਾਵਿਤ ਥਾਵਾਂ ‘ਤੇ ਉਸ ਦੀ ਭਾਲ ਕੀਤੀ, ਪਰ ਕੋਈ ਪਤਾ ਨਹੀਂ ਲੱਗ ਸਕਿਆ। ਬੁੱਧਵਾਰ ਸਵੇਰੇ ਖੇਤਾਂ ਵਿੱਚ ਮੋਟਰ ਦੇ ਕਮਰੇ ਵਿੱਚੋਂ ਉਸ ਦੀ ਲਾਸ਼ ਮਿਲਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਪੰਜ ਦਿਨ ਪਹਿਲਾਂ ਹੀ ਤੀਜੀ ਧੀ ਨੇ ਲਿਆ ਸੀ ਜਨਮ
ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ, ਜੋ ਪਿੰਡ ਦੀ ਪੰਚਾਇਤ ਮੈਂਬਰ ਹਨ, ਨੇ ਪੁਲਿਸ ਨੂੰ ਦੱਸਿਆ ਕਿ ਗੁਰਪ੍ਰੀਤ ਪੇਂਟਿੰਗ ਦਾ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਰਹਿ ਰਿਹਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ। ਗੁਰਪ੍ਰੀਤ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਿਆ ਹੈ। ਪਰਿਵਾਰ ਲਈ ਦੁੱਖ ਦੀ ਗੱਲ ਇਹ ਹੈ ਕਿ ਉਸ ਦੀ ਸਭ ਤੋਂ ਛੋਟੀ ਧੀ ਦਾ ਜਨਮ ਸਿਰਫ਼ ਪੰਜ ਦਿਨ ਪਹਿਲਾਂ ਹੀ ਹੋਇਆ ਸੀ।
ਸਥਾਨਕ ਲੋਕਾਂ ਨੇ ਕਤਲ ਦਾ ਜਤਾਇਆ ਸ਼ੱਕ
ਘਟਨਾ ਸਥਾਨ ‘ਤੇ ਇਕੱਠੇ ਹੋਏ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਿਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ, ਜਿਸ ਕਾਰਨ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ। ਹਾਲਾਂਕਿ ਪੁਲਿਸ ਨੇ ਅਜੇ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਪੁਲਿਸ
ਜਾਂਚ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਦੀਆਂ ਆਖ਼ਰੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲ ਸਕੇ।
ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ
ਪੁਲਿਸ ਨੇ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਜੇਕਰ ਕਿਸੇ ਅਪਰਾਧਿਕ ਕਾਰਵਾਈ ਦੇ ਸੰਕੇਤ ਮਿਲਦੇ ਹਨ ਤਾਂ ਉਸ ਅਨੁਸਾਰ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਹਨ।

