ਅੰਮ੍ਰਿਤਸਰ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੇ ਮੌਕੇ ‘ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੋਲਡਨ ਗੇਟ ਨੇੜੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਵਪਾਰ ਸਮਝੌਤੇ ਨੂੰ ਕਿਸਾਨਾਂ ਅਤੇ ਵਪਾਰੀਆਂ ਲਈ ਦੱਸਿਆ ਨੁਕਸਾਨਦਾਇਕ
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਜਿਸ ਦੇ ਦੂਰਗਾਮੀ ਪ੍ਰਭਾਵ ਦੇਸ਼ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ‘ਤੇ ਪੈ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਮਝੌਤਾ ਖੇਤੀਬਾੜੀ ਅਤੇ ਦੇਸੀ ਵਪਾਰ ਲਈ ਘਾਟੇਵਾਲਾ ਸਾਬਤ ਹੋ ਸਕਦਾ ਹੈ, ਇਸ ਲਈ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਬਿਮਾਰ ਕਿਸਾਨ ਆਗੂ ਨੂੰ ਨਜ਼ਰਬੰਦ ਕਰਨ ਦਾ ਲਾਇਆ ਦੋਸ਼
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਜਾਣਦਾ, ਜੋ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ, ਨੂੰ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗੈਰ-ਜ਼ਰੂਰੀ ਹੈ ਅਤੇ ਇਸ ਨੂੰ ਤੁਰੰਤ ਖਤਮ ਕੀਤਾ ਜਾਣਾ ਚਾਹੀਦਾ ਹੈ।
ਰੈਲੀ ਵਿੱਚ ਵਿਘਨ ਪਾਉਣ ਦਾ ਕੋਈ ਇਰਾਦਾ ਨਹੀਂ ਸੀ: ਕਿਸਾਨ ਆਗੂ
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਦਾ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਰੁਕਾਵਟ ਪੈਦਾ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਲੋਕਤੰਤਰੀ ਢੰਗ ਨਾਲ ਪੁਤਲੇ ਫੂਕ ਕੇ ਅਤੇ ਰੋਸ ਪ੍ਰਦਰਸ਼ਨ ਕਰਕੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ। ਨਾਲ ਹੀ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

