ਚੰਡੀਗੜ੍ਹ :- ਪੰਜਾਬ-ਰਾਜਸਥਾਨ ਸਰਹੱਦ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਕਥਿਤ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਪੰਜ ਬਦਮਾਸ਼ਾਂ ਦਾ ਪੁਲਿਸ ਨਾਲ ਮੁਕਾਬਲਾ ਹੋ ਗਿਆ। ਜਾਣਕਾਰੀ ਮੁਤਾਬਕ ਬਦਮਾਸ਼ ਬੱਲੂਆਣਾ ਹਲਕੇ ਦੇ ਪਿੰਡ ਕੁਲਾਰ ਨੇੜੇ ਧੀਂਗਤਾਨੀਆ ਪੁਲ ਰਾਹੀਂ ਰਾਜਸਥਾਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਜਿੱਥੇ ਪਹਿਲਾਂ ਤੋਂ ਹੀ ਰਾਜਸਥਾਨ ਪੁਲਿਸ ਨੇ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ।
ਭੱਜਣ ਦੌਰਾਨ ਪੁਲ ਤੋਂ ਹੇਠਾਂ ਡਿੱਗੇ ਮੁਲਜ਼ਮ
ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਹਫੜਾ-ਦਫੜੀ ਦੌਰਾਨ ਪੰਜੇ ਧੀਂਗਤਾਨੀਆ ਪੁਲ ਤੋਂ ਹੇਠਾਂ ਡਿੱਗ ਪਏ ਅਤੇ ਜ਼ਖ਼ਮੀ ਹੋ ਗਏ। ਪੁਲਿਸ ਨੇ ਤੁਰੰਤ ਉਨ੍ਹਾਂ ਨੂੰ ਕਾਬੂ ਕਰਕੇ ਇਲਾਜ ਲਈ ਸਾਦੁਲਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ।
ਹਥਿਆਰ ਅਤੇ ਕਾਰ ਬਰਾਮਦ
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, ਕਰੀਬ ਇੱਕ ਦਰਜਨ ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਹੋਰ ਸਮਾਨ ਦੀ ਫੋਰੈਂਸਿਕ ਜਾਂਚ ਵੀ ਕਰਵਾਈ ਜਾ ਰਹੀ ਹੈ।
ਕਈ ਗੰਭੀਰ ਮਾਮਲਿਆਂ ਵਿੱਚ ਪਹਿਲਾਂ ਤੋਂ ਦਰਜ ਹਨ ਕੇਸ
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਹੋਰ ਸੰਗੀਨ ਅਪਰਾਧਾਂ ਦੇ ਕਈ ਕੇਸ ਪਹਿਲਾਂ ਤੋਂ ਦਰਜ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਖੇਰੂਵਾਲਾ ਅਤੇ ਛਾਪਾਵਾਲੀ ਇਲਾਕੇ ਵਿੱਚ ਹਾਲ ਹੀ ਵਿੱਚ ਹੋਈ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ ਇਨ੍ਹਾਂ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਜਾਰੀ, ਹੋਰ ਖੁਲਾਸਿਆਂ ਦੀ ਉਮੀਦ
ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਿਸ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

