ਮੁੰਬਈ :- NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਹੁਣ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਵੀ ਵਿਦਿਆਰਥੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਇੱਕ ਵਿਸਥਾਰਪੂਰਵਕ ਪੋਸਟ ਸਾਂਝੀ ਕਰਦਿਆਂ ਪੇਪਰ ਲੀਕ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਮੁੱਦਾ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ।
ਵਿਦਿਆਰਥੀਆਂ ਦੇ ਅੰਦੋਲਨ ਨੂੰ ਦੱਸਿਆ ਜਾਇਜ਼
ਸਲਮਾਨ ਖਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਦਿਆਰਥੀ ਇੱਕ ਬਿਹਤਰ ਅਤੇ ਪਾਰਦਰਸ਼ੀ ਸਿੱਖਿਆ ਪ੍ਰਣਾਲੀ ਦੀ ਮੰਗ ਲਈ ਇਕੱਠੇ ਹੋਏ ਹਨ, ਜੋ ਕਿ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਢੰਗ ਨਾਲ ਆਵਾਜ਼ ਉਠਾਉਣਾ ਲੋਕਤੰਤਰ ਦੀ ਮਜ਼ਬੂਤੀ ਦੀ ਨਿਸ਼ਾਨੀ ਹੈ।
ਦਿੱਲੀ ਦੀ ਘਟਨਾ ’ਤੇ ਜਤਾਇਆ ਦੁੱਖ
ਉਨ੍ਹਾਂ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਪੈਦਾ ਹੋਏ ਤਣਾਅ ਅਤੇ ਹਿੰਸਾ ’ਤੇ ਵੀ ਅਫ਼ਸੋਸ ਜਤਾਇਆ। ਸਲਮਾਨ ਖਾਨ ਨੇ ਕਿਹਾ ਕਿ ਇਹ ਅੰਦੋਲਨ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਸੀ, ਪਰ ਹਿੰਸਕ ਘਟਨਾਵਾਂ ਕਾਰਨ ਕਈ ਵਿਦਿਆਰਥੀਆਂ ਨੂੰ ਸੱਟਾਂ ਲੱਗੀਆਂ, ਜੋ ਬਹੁਤ ਦੁਖਦਾਈ ਹੈ। ਉਨ੍ਹਾਂ ਜ਼ਖ਼ਮੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਵੀ ਪ੍ਰਗਟਾਈ।
‘ਪੇਪਰ ਲੀਕ ਨਾਲ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ’
ਬਾਲੀਵੁੱਡ ਅਦਾਕਾਰ ਨੇ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੌਜਵਾਨਾਂ ਦੀ ਸਾਲਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਭਵਿੱਖ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਖੁਸ਼ੀ ਜਤਾਈ ਕਿ ਦੇਸ਼ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮਿਲ ਕੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਕਰ ਰਹੇ ਹਨ।
ਸਿਆਸਤ ਤੋਂ ਦੂਰ ਰੱਖਣ ਦੀ ਕੀਤੀ ਅਪੀਲ
ਸਲਮਾਨ ਖਾਨ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਵਿਦਿਆਰਥੀਆਂ ਅਤੇ ਸਿੱਖਿਆ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ਨੂੰ ਸਿਆਸੀ ਵਿਵਾਦ ਦਾ ਰੂਪ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦਾ ਸਿਹਰਾ ਦੇਸ਼ ਦੇ ਨੌਜਵਾਨਾਂ ਨੂੰ ਹੀ ਮਿਲਣਾ ਚਾਹੀਦਾ ਹੈ ਅਤੇ ਉਮੀਦ ਜਤਾਈ ਕਿ ਸਰਕਾਰ ਵੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗੀ।
ਸਿੱਖਿਆ ਨੂੰ ਬਣਾਉਣ ਦੀ ਦਿੱਤੀ ਅਪੀਲ ਨਵਾਂ ਰੁਝਾਨ
ਆਪਣੇ ਸੰਦੇਸ਼ ਦੇ ਅੰਤ ਵਿੱਚ ਸਲਮਾਨ ਖਾਨ ਨੇ ਨੌਜਵਾਨਾਂ ਨੂੰ ਪੜ੍ਹਾਈ ਨੂੰ ਸਭ ਤੋਂ ਵੱਡੀ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਅਜਿਹਾ ਰੁਝਾਨ ਬਣਾਇਆ ਜਾਣਾ ਚਾਹੀਦਾ ਹੈ, ਜਿਸ ਨਾਲ ਭਾਰਤ ਵਿਸ਼ਵ ਪੱਧਰ ’ਤੇ ਇੱਕ ਵੱਡੇ ਸਿੱਖਿਆ ਕੇਂਦਰ ਵਜੋਂ ਉਭਰੇ ਅਤੇ ਵਿਦੇਸ਼ਾਂ ਤੋਂ ਵੀ ਵਿਦਿਆਰਥੀ ਪੜ੍ਹਾਈ ਲਈ ਭਾਰਤ ਦਾ ਰੁਖ ਕਰਨ। ਉਨ੍ਹਾਂ ਸਾਰੇ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ ਪੋਸਟ
ਸਲਮਾਨ ਖਾਨ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਕਈ ਯੂਜ਼ਰਾਂ ਨੇ ਵਿਦਿਆਰਥੀਆਂ ਦੇ ਹੱਕ ਵਿੱਚ ਉਨ੍ਹਾਂ ਵੱਲੋਂ ਖੁੱਲ੍ਹ ਕੇ ਰੱਖੇ ਗਏ ਪੱਖ ਦੀ ਸ਼ਲਾਘਾ ਕੀਤੀ ਹੈ, ਜਦਕਿ ਇਹ ਬਿਆਨ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

