ਚੰਡੀਗੜ੍ਹ :- ਫਾਰਮੇਸੀ ਪ੍ਰੀਖਿਆ ਨੂੰ ਲੈ ਕੇ ਉੱਠੇ ਵਿਵਾਦ ਅਤੇ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਅਸਤੀਫ਼ੇ ਦੀ ਮੰਗ ਦੇ ਦਰਮਿਆਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਵਾਰ ਖੁੱਲ੍ਹ ਕੇ ਆਪਣਾ ਪੱਖ ਰੱਖਿਆ ਹੈ। ਇੰਟਰਨੈੱਟ ਮੀਡੀਆ ‘ਤੇ ਜਾਰੀ ਕੀਤੇ ਵੀਡੀਓ ਸੁਨੇਹੇ ਵਿੱਚ ਉਨ੍ਹਾਂ ਨੇ ਪ੍ਰੀਖਿਆ ਨਾਲ ਜੁੜੇ ਵਿਵਾਦ, ਆਪਣੀ ਜ਼ਿੰਮੇਵਾਰੀ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਬਾਰੇ ਵਿਸਥਾਰ ਨਾਲ ਗੱਲ ਕੀਤੀ।
‘ਪੇਪਰ ਲੀਕ ਨਹੀਂ ਹੋਇਆ, ਨਕਲ ਕਰਨ ਵਾਲੇ ਮੌਕੇ ‘ਤੇ ਫੜੇ ਗਏ’
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆ ਨੂੰ ਪੇਪਰ ਲੀਕ ਨਾਲ ਜੋੜਨਾ ਹਕੀਕਤ ਦੇ ਉਲਟ ਹੈ। ਉਨ੍ਹਾਂ ਦੇ ਮੁਤਾਬਕ ਇਹ ਪੇਪਰ ਲੀਕ ਦਾ ਨਹੀਂ, ਸਗੋਂ ਨਕਲ ਦਾ ਮਾਮਲਾ ਸੀ। ਉਨ੍ਹਾਂ ਦੱਸਿਆ ਕਿ ਨਕਲ ਕਰਨ ਵਾਲੇ ਵਿਅਕਤੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਸੀ ਅਤੇ ਪੁਲਿਸ ਨੇ ਤੁਰੰਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
‘ਸੰਬੰਧਿਤ ਪ੍ਰੀਖਿਆ ਮੇਰੇ ਵਿਭਾਗ ਦੀ ਨਹੀਂ ਸੀ’
ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪ੍ਰੀਖਿਆ ਸਿੱਧੇ ਤੌਰ ‘ਤੇ ਉਨ੍ਹਾਂ ਦੇ ਵਿਭਾਗ ਦੇ ਅਧੀਨ ਨਹੀਂ ਆਉਂਦੀ। ਇਸ ਦੇ ਬਾਵਜੂਦ ਕੈਬਨਿਟ ਦੀ ਸਮੂਹਿਕ ਜ਼ਿੰਮੇਵਾਰੀ ਦੇ ਤਹਿਤ ਉਨ੍ਹਾਂ ਨੇ ਆਪਣਾ ਫਰਜ਼ ਨਿਭਾਇਆ ਅਤੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਸੰਵਾਦ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਸੀ ਅਤੇ ਉਹ ਇਸ ਤੋਂ ਪਿੱਛੇ ਨਹੀਂ ਹਟੇ।
ਅਸਤੀਫ਼ੇ ਬਾਰੇ ਵੀ ਦਿੱਤਾ ਸਪੱਸ਼ਟ ਸੰਦੇਸ਼
ਹਰਜੋਤ ਬੈਂਸ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਅਹੁਦਾ ਛੱਡਣ ਨਾਲ ਸਿੱਖਿਆ ਪ੍ਰਣਾਲੀ ਵਿੱਚ ਕੋਈ ਠੋਸ ਸੁਧਾਰ ਆ ਸਕਦਾ ਹੈ ਤਾਂ ਉਹ ਕਿਸੇ ਵੀ ਸਮੇਂ ਅਸਤੀਫ਼ਾ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਅਹੁਦੇ ਨਾਲੋਂ ਸੂਬੇ ਦੇ ਵਿਦਿਆਰਥੀਆਂ ਦਾ ਭਵਿੱਖ ਅਤੇ ਸਿੱਖਿਆ ਪ੍ਰਣਾਲੀ ਜ਼ਿਆਦਾ ਮਹੱਤਵਪੂਰਨ ਹੈ।
ਸਿੱਖਿਆ ਖੇਤਰ ਦੀਆਂ ਉਪਲਬਧੀਆਂ ਵੀ ਗਿਣਾਈਆਂ
ਵੀਡੀਓ ਸੰਦੇਸ਼ ਦੌਰਾਨ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਨੀਤੀ ਆਯੋਗ ਦੇ ਅੰਕੜਿਆਂ ਅਨੁਸਾਰ ਮੁੱਢਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਵੱਡੀ ਤਰੱਕੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਇਸ ਤੋਂ ਇਲਾਵਾ ਹਜ਼ਾਰਾਂ ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਨਿਰੀਖਣ ਦਾ ਕੰਮ ਵੀ ਕੀਤਾ ਗਿਆ ਹੈ।
ਪੰਜਾਬ ਦੀ ਸਿੱਖਿਆ ਦੀ ਸ਼ਾਖ ਨੂੰ ਠੇਸ ਨਹੀਂ ਪਹੁੰਚਣ ਦੇਵਾਂਗਾ
ਆਪਣੇ ਸੰਦੇਸ਼ ਦੇ ਅੰਤ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਸਾਖ਼ ਨੂੰ ਨੁਕਸਾਨ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਉਨ੍ਹਾਂ ਲਈ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਇੱਕ ਮਿਸ਼ਨ ਹੈ ਅਤੇ ਸੂਬੇ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਦੇਣ ਲਈ ਸਰਕਾਰ ਅੱਗੇ ਵੀ ਲਗਾਤਾਰ ਕੰਮ ਕਰਦੀ ਰਹੇਗੀ।

