ਨਵੀਂ ਦਿੱਲੀ :- ਨੀਟ ਪੇਪਰ ਲੀਕ ਵਿਵਾਦ ਅਤੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਸੰਸਦ ਦਾ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। ਸੋਮਵਾਰ ਨੂੰ ਸੰਸਦ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ। ਇਸੇ ਦੌਰਾਨ ਸਰਕਾਰ ਅੱਜ ਪੇਪਰ ਲੀਕ ‘ਤੇ ਨਕੇਲ ਕੱਸਣ ਲਈ ਇੱਕ ਅਹਿਮ ਸੋਧ ਬਿੱਲ ਵੀ ਲੋਕ ਸਭਾ ਵਿੱਚ ਪੇਸ਼ ਕਰੇਗੀ।
ਮਕਰ ਦੁਆਰ ਤੇ ਵਿਰੋਧੀ ਧਿਰ ਦਾ ਪ੍ਰਦਰਸ਼ਨ
ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ ਕਰੀਬ 10.30 ਵਜੇ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਤੇ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਨੇ ਨੀਟ ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ।
ਦੋਵੇਂ ਸਦਨਾਂ ਵਿੱਚ ਹੰਗਾਮਾ, ਕਾਰਵਾਈ ਮੁਲਤਵੀ
ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਹੰਗਾਮਾ ਕੀਤਾ। ਹੰਗਾਮਾ ਵਧਣ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਅੱਜ ਪੇਸ਼ ਹੋਵੇਗਾ ਪੇਪਰ ਲੀਕ ਰੋਕਣ ਲਈ ਸੋਧ ਬਿੱਲ
ਸਰਕਾਰ ਅੱਜ ਲੋਕ ਸਭਾ ਵਿੱਚ ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ ਬਿੱਲ, 2026 ਪੇਸ਼ ਕਰੇਗੀ। ਇਹ ਬਿੱਲ ਜਨਤਕ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਅਤੇ ਹੋਰ ਗੜਬੜੀਆਂ ਨੂੰ ਰੋਕਣ ਲਈ ਮੌਜੂਦਾ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਖ਼ਤ ਬਣਾਉਣ ਦੇ ਉਦੇਸ਼ ਨਾਲ ਲਿਆਂਦਾ ਜਾ ਰਿਹਾ ਹੈ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਕਰਨਗੇ ਬਿੱਲ ਪੇਸ਼
ਸਰਕਾਰ ਵੱਲੋਂ ਇਹ ਸੋਧ ਬਿੱਲ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਲੋਕ ਸਭਾ ਵਿੱਚ ਪੇਸ਼ ਕਰਨਗੇ। ਸਰਕਾਰ ਦਾ ਮੰਨਣਾ ਹੈ ਕਿ ਨਵੇਂ ਪ੍ਰਬੰਧਾਂ ਨਾਲ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਧਾਂਦਲੀ ਕਰਨ ਵਾਲਿਆਂ ਖ਼ਿਲਾਫ਼ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦਾ ਰਾਹ ਪੱਧਰਾ ਹੋਵੇਗਾ।

