ਅੰਮ੍ਰਿਤਸਰ :- ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਲੱਗੀ ਭਿਆਨਕ ਅੱਗ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਵਿਸਥਾਰਤ ਰਿਪੋਰਟ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ।
ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਦਿੱਤੀ ਜਾਂਚ ਦੀ ਜ਼ਿੰਮੇਵਾਰੀ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਦੇ ਮਨਦੀਪ ਸਿੰਘ, ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਦੇ ਰਵੀ ਇੰਦਰ ਸਿੰਘ ਅਤੇ ਪ੍ਰੀਤਮ ਸਿੰਘ, ਨਾਲ ਹੀ ਐਡੀਲੇਡ ਤੋਂ ਗੁਰਿੰਦਰਜੀਤ ਸਿੰਘ ਨੂੰ ਹਦਾਇਤ ਕੀਤੀ ਹੈ ਕਿ ਉਹ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ। ਉਨ੍ਹਾਂ ਨੂੰ ਗੁਰੂ ਘਰ ਦੀ ਸਥਿਤੀ, ਹੋਏ ਨੁਕਸਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ ਲਈ ਕਿਹਾ ਗਿਆ ਹੈ।
ਸਥਾਨਕ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼
ਜਥੇਦਾਰ ਨੇ ਕਿਹਾ ਕਿ ਜਾਂਚ ਲਈ ਬਣਾਈ ਗਈ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਘਟਨਾ ਦੇ ਹਰ ਪਹਿਲੂ ਦੀ ਜਾਣਕਾਰੀ ਇਕੱਠੀ ਕਰੇਗੀ। ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੀ ਪਾਸੋਂ ਤੱਥਾਂ ਸਮੇਤ ਵਿਸਥਾਰਤ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਭੇਜੇ।
ਗੁਰਦੁਆਰਾ ਇਮਾਰਤ ਨੂੰ ਭਾਰੀ ਨੁਕਸਾਨ, ਪਾਵਨ ਸਰੂਪਾਂ ਬਾਰੇ ਵੀ ਚਿੰਤਾ
ਮੁੱਢਲੀ ਜਾਣਕਾਰੀ ਅਨੁਸਾਰ ਐਤਵਾਰ ਰਾਤ ਲੱਗੀ ਅੱਗ ਕਾਰਨ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਦੇ ਨਾਲ ਹੀ ਗੁਰੂ ਘਰ ਅੰਦਰ ਸਥਾਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਦੁਨੀਆ ਭਰ ਦੀ ਸੰਗਤ ਨੂੰ ਕੀਤਾ ਸੁਚੇਤ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ ਅਤੇ ਅੱਗ ਜਾਂ ਹੋਰ ਅਣਸੁਖਾਵੀਆਂ ਘਟਨਾਵਾਂ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਪਵਿੱਤਰਤਾ ਅਤੇ ਸੁਰੱਖਿਆ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਸਮੂਹ ਸਿੱਖ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ।

