ਨਵੀਂ ਦਿੱਲੀ :- ਕੇਂਦਰ ਸਰਕਾਰ ਨੇ ਪੰਜਾਬ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਵਿੱਚ ਤਿੰਨ ਨਵੇਂ ESIC ਹਸਪਤਾਲ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਹਸਪਤਾਲ ਲਾਲੜੂ, ਰਾਜਪੁਰਾ ਅਤੇ ਮਲੇਰਕੋਟਲਾ ਵਿੱਚ ਬਣਾਏ ਜਾਣਗੇ।
11.73 ਲੱਖ ਕਰਮਚਾਰੀਆਂ ਤੇ 53.75 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਫ਼ਾਇਦਾ
ਸਰਕਾਰ ਦੇ ਇਸ ਫ਼ੈਸਲੇ ਨਾਲ 11.73 ਲੱਖ ਤੋਂ ਵੱਧ ਬੀਮਾਧਾਰਕ ਕਰਮਚਾਰੀਆਂ ਅਤੇ ਉਨ੍ਹਾਂ ਨਾਲ ਜੁੜੇ 53.75 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਨਵੇਂ ਹਸਪਤਾਲਾਂ ਦੇ ਚਾਲੂ ਹੋਣ ਨਾਲ ਇਲਾਜ ਦੀਆਂ ਸੇਵਾਵਾਂ ਹੋਰ ਸੁਗਮ ਹੋਣਗੀਆਂ ਅਤੇ ਲੋਕਾਂ ਨੂੰ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ।
ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਕੇਂਦਰ ਸਰਕਾਰ ਨੇ ਇਸ ਫ਼ੈਸਲੇ ਨੂੰ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਵਿਸਤਾਰ ਅਤੇ ਕਰਮਚਾਰੀਆਂ ਨੂੰ ਬਿਹਤਰ ਮੈਡੀਕਲ ਸੁਰੱਖਿਆ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਪਹਿਲ ਦੱਸਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਸੂਬੇ ਵਿੱਚ ਸਿਹਤ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ESIC ਅਧੀਨ ਮਿਲਣ ਵਾਲੀਆਂ ਸੇਵਾਵਾਂ ਦੀ ਪਹੁੰਚ ਵੀ ਵਧੇਗੀ।

