ਨਵੀਂ ਦਿੱਲੀ :- ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਅੱਠਵਾਂ ਦਿਨ ਹੈ। ਅੱਜ ਲੋਕ ਸਭਾ ਵਿੱਚ ਪੇਪਰ ਲੀਕ ਨੂੰ ਰੋਕਣ ਲਈ ਲਿਆਂਦੇ ਗਏ ‘ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ ‘ਤੇ ਵੋਟਿੰਗ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਬਿੱਲ ਤੇ ਸਦਨ ਵਿੱਚ ਕਰੀਬ ਨੌਂ ਘੰਟੇ ਤੱਕ ਵਿਸਥਾਰ ਨਾਲ ਚਰਚਾ ਹੋਈ ਸੀ।
ਰਾਤ 11 ਵਜੇ ਤੱਕ ਚੱਲੀ ਲੋਕ ਸਭਾ ਦੀ ਕਾਰਵਾਈ
ਮੰਗਲਵਾਰ ਨੂੰ ਲੋਕ ਸਭਾ ਵਿੱਚ ਦੁਪਹਿਰ 2 ਵਜੇ ਤੋਂ ਸ਼ੁਰੂ ਹੋਈ ਬਿੱਲ ‘ਤੇ ਚਰਚਾ ਰਾਤ 11 ਵਜੇ ਤੱਕ ਜਾਰੀ ਰਹੀ। ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਨੇ ਬਿੱਲ ਦੇ ਹੱਕ ਅਤੇ ਵਿਰੋਧ ਵਿੱਚ ਆਪਣੇ ਵਿਚਾਰ ਰੱਖੇ। ਚਰਚਾ ਪੂਰੀ ਹੋਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ, ਜਦਕਿ ਅੰਤਿਮ ਫ਼ੈਸਲੇ ਲਈ ਵੋਟਿੰਗ ਅੱਜ ਦੇ ਕਾਰਜ-ਸੂਚੀ ਵਿੱਚ ਸ਼ਾਮਲ ਕੀਤੀ ਗਈ ਹੈ।
ਅੱਜ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ ਬਿੱਲ
ਲੋਕ ਸਭਾ ਦੇ ਨਾਲ-ਨਾਲ ਇਹ ਸੋਧ ਬਿੱਲ ਅੱਜ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ, ਜਿੱਥੇ ਇਸ ‘ਤੇ ਮੈਂਬਰਾਂ ਵੱਲੋਂ ਚਰਚਾ ਕੀਤੀ ਜਾਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਕਾਨੂੰਨੀ ਸੋਧ ਨਾਲ ਪ੍ਰੀਖਿਆਵਾਂ ਦੌਰਾਨ ਪੇਪਰ ਲੀਕ ਵਰਗੀਆਂ ਘਟਨਾਵਾਂ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾ ਸਕੇਗੀ।
ਕੇਂਦਰੀ ਮੰਤਰੀ ਨੇ ਦੱਸਿਆ ਸੋਧ ਦਾ ਮਕਸਦ
ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਇਹ ਬਿੱਲ ਸਾਲ 2024 ਵਿੱਚ ਲਾਗੂ ਕੀਤੇ ਗਏ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਦਾ ਪ੍ਰਸਤਾਵ ਕਰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵੇਂ ਪ੍ਰਬੰਧਾਂ ਨਾਲ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਪੇਪਰ ਲੀਕ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣਾ ਆਸਾਨ ਹੋਵੇਗਾ।
ਸਿੱਖਿਆ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਵੀ ਹੋਇਆ ਵਿਵਾਦ
ਮੰਗਲਵਾਰ ਨੂੰ ਲੋਕ ਸਭਾ ਦੀ ਕਾਰਵਾਈ ਦੌਰਾਨ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰੀ ਬਣਾਏ ਜਾਣ ਦੇ ਮੁੱਦੇ ‘ਤੇ ਵੀ ਹੰਗਾਮਾ ਹੋਇਆ। ਸੰਸਦ ਭਵਨ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਗੰਭੀਰ ਦੋਸ਼ ਲਗਾਏ। ਉੱਥੇ ਹੀ ਲੋਕ ਸਭਾ ਵਿੱਚ ਪ੍ਰਿਯੰਕਾ ਗਾਂਧੀ ਨੇ ਵੀ ਇਸੇ ਸਬੰਧੀ ਟਿੱਪਣੀ ਕੀਤੀ, ਜਿਸ ਨੂੰ ਬਾਅਦ ਵਿੱਚ ਸਦਨ ਦੀ ਕਾਰਵਾਈ ਦੇ ਰਿਕਾਰਡ ਵਿੱਚੋਂ ਹਟਾ ਦਿੱਤਾ ਗਿਆ।

