ਨਵੀਂ ਦਿੱਲੀ :- ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਅਜੇ ਬੰਦ ਰਹੇਗਾ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਮੌਜੂਦਾ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਨਹੀਂ ਲਿਆ ਗਿਆ ਹੈ।
ਲੋਕ ਸਭਾ ਵਿੱਚ ਵਿਦੇਸ਼ ਰਾਜ ਮੰਤਰੀ ਨੇ ਦਿੱਤੀ ਜਾਣਕਾਰੀ
ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਸੁਰੱਖਿਆ ਹਾਲਾਤਾਂ ਕਾਰਨ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਉਹ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸਨ।
ਲਾਂਘਾ ਖੋਲ੍ਹਣ ਲਈ ਮਿਲੀਆਂ ਕਈ ਅਪੀਲਾਂ
ਮੰਤਰੀ ਨੇ ਦੱਸਿਆ ਕਿ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਵੱਲੋਂ ਪ੍ਰਤੀਨਿਧਤਾਵਾਂ ਪ੍ਰਾਪਤ ਹੋਈਆਂ ਹਨ।
ਹਾਲਾਂਕਿ ਉਨ੍ਹਾਂ ਕਿਹਾ ਕਿ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਨੂੰ ਦੇਖਦੇ ਹੋਏ ਫਿਲਹਾਲ ਲਾਂਘਾ ਖੋਲ੍ਹਣ ਦਾ ਫੈਸਲਾ ਨਹੀਂ ਕੀਤਾ ਗਿਆ।
ਸੁਰੱਖਿਆ ਸਮੀਖਿਆ ਤੋਂ ਬਾਅਦ ਹੀ ਲਿਆ ਜਾਵੇਗਾ ਫੈਸਲਾ
ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨਾਲ ਜੁੜਿਆ ਕੋਈ ਵੀ ਫੈਸਲਾ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਹੀ ਲਿਆ ਜਾਵੇਗਾ। ਮੌਜੂਦਾ ਹਾਲਾਤਾਂ ਦੀ ਸਮੀਖਿਆ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

