ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਵਧਾਈਆਂ ਜਾ ਰਹੀਆਂ ਫੀਸਾਂ ਨੂੰ ਨਿਯੰਤਰਿਤ ਕਰਨ ਲਈ ਵੱਡਾ ਕਾਨੂੰਨੀ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਧਾਨ ਸਭਾ ਦੇ 8 ਤੋਂ 10 ਅਗਸਤ ਤੱਕ ਹੋਣ ਵਾਲੇ ਮੌਨਸੂਨ ਇਜਲਾਸ ਵਿੱਚ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪੇਸ਼ ਕੀਤਾ ਜਾਵੇਗਾ।
ਸਾਲਾਨਾ ਸਿਰਫ਼ 5 ਫੀਸਦੀ ਤੱਕ ਵਧਾ ਸਕਣਗੇ ਫੀਸ
ਪ੍ਰਸਤਾਵਿਤ ਸੋਧ ਕਾਨੂੰਨ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਜੇਕਰ ਕਿਸੇ ਸਕੂਲ ਨੂੰ ਇਸ ਹੱਦ ਤੋਂ ਜ਼ਿਆਦਾ ਫੀਸ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਪਹਿਲਾਂ ਜ਼ਿਲ੍ਹਾ ਰੈਗੂਲੇਟਰੀ ਬਾਡੀ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।
ਵੱਧ ਫੀਸ ਵਸੂਲਣ ਵਾਲੇ ਸਕੂਲਾਂ ਨੂੰ ਵਾਪਸ ਕਰਨੇ ਪੈਣਗੇ ਪੈਸੇ
ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਨਵੇਂ ਨਿਯਮਾਂ ਵਿੱਚ ਸਭ ਤੋਂ ਅਹਿਮ ਪ੍ਰਬੰਧ ਇਹ ਹੈ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਨਿਰਧਾਰਤ ਹੱਦ ਤੋਂ ਵੱਧ ਫੀਸ ਵਸੂਲੀ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਛੋਟ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।
ਹਰ ਜ਼ਿਲ੍ਹੇ ਵਿੱਚ ਬਣੇਗੀ ਰੈਗੂਲੇਟਰੀ ਬਾਡੀ
ਨਵੇਂ ਕਾਨੂੰਨ ਨੂੰ ਲਾਗੂ ਕਰਨ ਲਈ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਰੈਗੂਲੇਟਰੀ ਬਾਡੀ ਬਣਾਉਣ ਦੀ ਤਿਆਰੀ ਹੈ। ਇਹ ਬਾਡੀ ਨਾ ਸਿਰਫ਼ ਮਾਪਿਆਂ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰੇਗੀ, ਸਗੋਂ ਲੋੜ ਪੈਣ ’ਤੇ ਸਕੂਲਾਂ ਦੇ ਖਾਤਿਆਂ ਦਾ ਫੋਰੈਂਸਿਕ ਆਡਿਟ ਵੀ ਕਰਵਾ ਸਕੇਗੀ।
ਇਸ ਤੋਂ ਇਲਾਵਾ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਵਿੱਚ ਨਿਪਟਾਰਾ ਕਰਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਸਕੂਲਾਂ ਨੂੰ ਚਾਰ ਸਾਲਾਂ ਦਾ ਫੀਸ ਰਿਕਾਰਡ ਕਰਨਾ ਪਵੇਗਾ ਜਮ੍ਹਾਂ
ਨਵੇਂ ਨਿਯਮਾਂ ਤਹਿਤ ਹਰ ਪ੍ਰਾਈਵੇਟ ਸਕੂਲ ਲਈ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ’ਤੇ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਅਪਲੋਡ ਕਰਨਾ ਲਾਜ਼ਮੀ ਹੋਵੇਗਾ। ਜਾਣਕਾਰੀ ਮੁਤਾਬਕ ਹੁਣ ਤੱਕ 6500 ਤੋਂ ਵੱਧ ਪ੍ਰਾਈਵੇਟ ਸਕੂਲ ਆਪਣਾ ਰਿਕਾਰਡ ਜਮ੍ਹਾਂ ਕਰਵਾ ਚੁੱਕੇ ਹਨ।
ਸਰਕਾਰ ਵੱਲੋਂ ਇਸ ਡਾਟੇ ਦੀ ਜਾਂਚ ਤੋਂ ਬਾਅਦ ਜਿੱਥੇ ਵੱਧ ਫੀਸ ਵਸੂਲਣ ਦੇ ਮਾਮਲੇ ਸਾਹਮਣੇ ਆਉਣਗੇ, ਉੱਥੇ ਮਾਪਿਆਂ ਨੂੰ ਰਕਮ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਜਾਣਗੇ।
ਉਲੰਘਣਾ ਕਰਨ ਵਾਲੇ ਸਕੂਲਾਂ ’ਤੇ ਹੋਵੇਗੀ ਸਖ਼ਤ ਕਾਰਵਾਈ
ਪ੍ਰਸਤਾਵਿਤ ਕਾਨੂੰਨ ਵਿੱਚ ਨਿਯਮ ਤੋੜਨ ਵਾਲੇ ਸਕੂਲਾਂ ਲਈ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ। ਪਹਿਲੀ ਵਾਰ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ, ਦੂਜੀ ਵਾਰ ਇੱਕ ਲੱਖ ਰੁਪਏ ਜੁਰਮਾਨਾ ਲਾਇਆ ਜਾਵੇਗਾ। ਜੇਕਰ ਕੋਈ ਸਕੂਲ ਤੀਜੀ ਵਾਰ ਵੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਜਾਂ ਐਫੀਲੀਏਸ਼ਨ ਰੱਦ ਕਰਨ ਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਸਿੱਖਿਆ ਨੂੰ ਵਪਾਰ ਬਣਨ ਤੋਂ ਰੋਕਣਾ ਸਰਕਾਰ ਦਾ ਟੀਚਾ: ਬੈਂਸ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿੱਖਿਆ ਨੂੰ ਮੁਨਾਫ਼ਾ ਕਮਾਉਣ ਦਾ ਸਾਧਨ ਬਣਨ ਤੋਂ ਰੋਕਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਨੂੰਨ ਨਾਲ ਸੂਬੇ ਦੇ 1800 ਤੋਂ ਵੱਧ ਨਿੱਜੀ ਸਕੂਲਾਂ ਵਿੱਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।

